02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਰਵਾਨਗੀ

ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਰਵਾਨਗੀ...

ਅਜੀਤ ਡੈਸਕ 02-08-2026

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਰਵਾਨਗੀ ਹੋਈ । ਇਸ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੀਰਤਨ ਉਪਰੰਤ ਅਰਦਾਸ ਹੋਈ। ਸੰਗਤਾਂ ਦੇ ਇਕੱਠ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਮਗਰੋਂ ਅਗਲੀ ਰੂਪ ਰੇਖਾ ਤਿਆਰ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੱਕ ਮੀਰੀ ਪੀਰੀ ਖ਼ਾਲਸਾ ਮਹਾਰਾਜ ਕੱਢਿਆ ਜਾਵੇਗਾ। ਇਸ ਉਪਰੰਤ ਦੁਆਬੇ ਦੀ ਧਰਤੀ ਤੇ ਮੀਰੀ ਪੀਰੀ ਖ਼ਾਲਸਾ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵੱਖ-ਵੱਖ ਹਲਕਿਆਂ ਵਿਚ ਅੰਮ੍ਰਿਤ ਸੰਚਾਰ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧ ਰਿਹਾ ਨਸ਼ਾ ਚਿੰਤਾ ਦਾ ਵਿਸ਼ਾ ਹੈ ਅਤੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਕਰਕੇ ਸਿੱਖੀ ਵਿਰਸੇ ਨਾਲ ਜੋੜ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਸਜੀ ਬੱਸ ਵਾਲੀ ਪਾਲਕੀ ਵਿਚ ਸੁਸ਼ੋਭਿਤ ਕੀਤੇ ਗਏ। ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਗਿਆਨੀ ਕੇਵਲ ਸਿੰਘ, ਸ੍ਰੀ ਦਰਬਾਰ ਸਾਹਿਬ ਦੀ ਮੈਨੇਜਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ। ਰਸਤੇ ਵਿਚ ਲੋਕਾਂ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਾਏ ਗਏ।

ਪਿਛਲੀ ਖ਼ਬਰ ਆਟੋ ਰਾਹੀਂ ਚੋਰੀਆਂ ਕਰਨ ਵਾਲੇ 4 ਮੁਲਜ਼ਮ ਕਾਬੂ ਅਗਲੀ ਖ਼ਬਰ ਉੱਤਰਾਖੰਡ ਸਰਕਾਰ ਦੇ 10 ਵਿਭਾਗਾਂ ਦੀਆਂ ਵੈੱਬਸਾਈਟਾਂ 'ਤੇ ਸਾਈਬਰ ਹਮਲਾ