ਚੋਗਾਵਾਂ/ਅੰਮ੍ਰਿਤਸਰ, 9 ਅਗਸਤ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਜੋਨ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਵਲੋਂ ਅੱਜ ਪਿੰਡ ਕੱਕੜ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ 11 ਅਗਸਤ ਤੋਂ ਡੀ.ਐਸ.ਪੀ. ਚੋਗਾਵਾਂ ਦੇ ਦਫ਼ਤਰ ਅੱਗੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਬਾਜ਼ ਸਿੰਘ ਸਾਰੰਗੜਾ, ਜੋਨ ਆਗੂ ਗੁਰਲਾਲ ਸਿੰਘ ਕੱਕੜ, ਕੁਲਬੀਰ ਸਿੰਘ ਲੋਪੋਕੇ, ਨਿਰਮਲ ਸਿੰਘ ਲੋਪੋਕੇ, ਜਸਮੀਤ ਸਿੰਘ ਰਾਣੀਆ, ਹਰਜੀਤ ਸਿੰਘ ਸ਼ਹੂਰਾ ਅਤੇ ਸਵਿੰਦਰ ਸਿੰਘ ਕੋਲੋਵਾਲ ਆਦਿ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਦਿਨੋ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਕਿਸਾਨ, ਮਜ਼ਦੂਰ, ਨੌਜਵਾਨ ਅਤੇ ਬੀਬੀਆਂ ਵੱਡੀ ਗਿਣਤੀ ਵਿਚ 11 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਕਰਨਗੇ।
ਉਨ੍ਹਾਂ ਕਿਹਾ ਕਿ ਇਲਾਕੇ ਵਿਚ ਵੱਧ ਰਹੇ ਨਸ਼ਿਆਂ, ਚੋਰੀਆਂ, ਨਾਜਾਇਜ਼ ਪਰਚਿਆਂ ਅਤੇ ਲੋਕਾਂ ਦੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਅੰਮ੍ਰਿਤਸਰ ਵਲੋਂ ਡੀ.ਐਸ.ਪੀ. ਚੋਗਾਵਾਂ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਲੋਕ ਮੰਗਾਂ ਨੂੰ ਅਣਡਿੱਠਾ ਕਰਨਾ ਜਾਰੀ ਰੱਖਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ, ਤਿੱਖਾ ਅਤੇ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਪ੍ਰਧਾਨ ਰਾਜਬੀਰ ਸਿੰਘ ਕੱਕੜ, ਜਸਬੀਰ ਸਿੰਘ, ਅਵਤਾਰ ਸਿੰਘ, ਪ੍ਰਭਜੀਤ ਸਿੰਘ, ਹਰਦੇਵ ਸਿੰਘ, ਬੀਬੀ ਆਗੂ ਹਰਜੀਤ ਕੌਰ, ਜਸਬੀਰ ਕੌਰ, ਨੌਜਵਾਨ ਆਗੂ ਗੁਰਪ੍ਰਤਾਪ ਸਿੰਘ ਕੱਕੜ, ਬਲਜਾਰ ਸਿੰਘ, ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।