ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਫਲੈਗ ਮਾਰਚ ਵਿਚ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਦੀ ਅਗਵਾਈ ਐਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਜਸਮੀਤ ਸਿੰਘ ਸਾਹੀਵਾਲ ਅਤੇ ਡੀ.ਐਸ.ਪੀ. ਹੈੱਡਕੁਆਰਟਰ ਰਾਹੁਲ ਭਾਰਦਵਾਜ ਨੇ ਕੀਤੀ। ਇਸ ਮੌਕੇ ਪੀ.ਸੀ.ਆਰ. ਇੰਚਾਰਜ, ਟਰੈਫਿਕ ਇੰਚਾਰਜ ਸਮੇਤ ਵੱਖ-ਵੱਖ ਪੁਲਿਸ ਯੂਨਿਟਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਪ੍ਰਮੁੱਖ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਫਲੈਗ ਮਾਰਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੇ ਨਾਲ ਹੀ ਬਠਿੰਡਾ ਰੇਲਵੇ ਸਟੇਸ਼ਨ ਵਿਖੇ ਵੀ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਵਲੋਂ ਸਟੇਸ਼ਨ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਚੈਕਿੰਗ ਕਰਦਿਆਂ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਨਤਕ ਥਾਵਾਂ, ਭੀੜ-ਭੜੱਕੇ ਵਾਲੇ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਵਧਾਈ ਗਈ ਹੈ।