ਲੁਧਿਆਣਾ, 12 ਅਗਸਤ, (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਸ਼ਹੀਦ ਪਰਿਵਾਰ ਦੇ ਵਾਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਾਰਸਾਂ ਦੀ ਮੁੱਖ ਮੰਗ ਹੈ ਕਿ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਤੱਕ ਜਾਣ ਵਾਲੇ ਸਿੱਧੇ ਰਸਤੇ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ |ਤੇ ਰੱਖਣ ਦੀ ਮੰਗ ਵੀ ਕੀਤੀ ਗਈ ਹੈ।
ਵਾਰਸਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਗਾਤਾਰ ਪੱਤਰ ਭੇਜੇ ਜਾ ਰਹੇ ਹਨ। ਕਈ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤਾਂ ਵੀ ਕੀਤੀਆਂ ਗਈਆਂ, ਪਰ ਉਨ੍ਹਾਂ ਮੁਤਾਬਕ ਅਜੇ ਤੱਕ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਭੁੱਖ ਹੜਤਾਲ ’ਤੇ ਬੈਠੇ ਵਾਰਸਾਂ ਨੇ ਸਰਕਾਰ 'ਤੇ ਸ਼ਹੀਦ ਪਰਿਵਾਰ ਨਾਲ ਸੌਤੇਲੀ ਮਾਂ ਵਾਲਾ ਵਤੀਰਾ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੁਖਦੇਵ ਥਾਪਰ ਨੂੰ ਬਣਦਾ ਮਾਨ-ਸਨਮਾਨ ਮਿਲਣਾ ਚਾਹੀਦਾ ਹੈ।
ਵਾਰਸਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰਕ ਪਿਛੋਕੜ ਕਾਰਨ ਉਨ੍ਹਾਂ ਨੂੰ ਬਣਦਾ ਸਨਮਾਨ ਨਹੀਂ ਦਿੱਤਾ ਜਾ ਰਿਹਾ। ਹਾਲਾਂਕਿ ਇਹ ਦੋਸ਼ ਵਾਰਸਾਂ ਵਲੋਂ ਲਗਾਏ ਗਏ ਹਨ ਅਤੇ ਇਸ ਸੰਬੰਧੀ ਸਰਕਾਰ ਜਾਂ ਪ੍ਰਸ਼ਾਸਨ ਦਾ ਪੱਖ ਸਾਹਮਣੇ ਆਉਣਾ ਅਜੇ ਬਾਕੀ ਹੈ।