ਮਲੋਟ (ਸ਼੍ਰੀ ਮੁਕਤਸਰ ਸਾਹਿਬ), 13 ਅਗਸਤ (ਪਾਟਿਲ)- ਹਰਪ੍ਰੀਤ ਸਿੰਘ ਕੋਟਭਾਈ ਮੈਂਬਰ ਕੋਰ ਕਮੇਟੀ, ਸ੍ਰੋਮਣੀ ਅਕਾਲੀ ਦਲ (ਬ) ਅਤੇ ਹਲਕਾ ਇੰਚਾਰਜ ਮਲੋਟ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਲੋਕਤੰਤਰ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਸਿਆਸੀ ਵਿਚਾਰਾਂ ਦੇ ਮਤਭੇਦਾਂ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਪ੍ਰਗਟ ਕੀਤਾ ਜਾਣਾ ਚਾਹੀਦਾ ਹੈ।
ਅਜਿਹੀਆਂ ਘਟਨਾਵਾਂ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਭਾਈਚਾਰਕ ਸਾਂਝ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਅਜਿਹੀਆਂ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਉਤਸ਼ਾਹਿਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਿਆਸੀ ਅਤੇ ਸਮਾਜਿਕ ਫ਼ਿਜ਼ਾ ਨੂੰ ਸ਼ਾਂਤਮਈ, ਸਦਭਾਵਨਾ ਭਰਪੂਰ ਅਤੇ ਲੋਕਤੰਤਰੀ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।