ਕਰਨਾਲ (ਹਰਿਆਣਾ),16 ਅਗਸਤ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸ.ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਵਲੋਂ ਨੰਦੇੜ ਮਹਾਰਾਸ਼ਟਰ ਵਿਖੇ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਥਕ ਪਾਰਟੀ ਦੇ ਆਗੂ ਤੇ ਕੀਤਾ ਗਿਆ ਇਹ ਕਾਇਰਾਨਾ ਹਮਲਾ ਲੋਕਤੰਤਰ ਅਤੇ ਪੰਥਕ ਕਦਰਾਂ-ਕੀਮਤਾ ਤੇ ਸਿੱਧਾ ਵਾਰ ਹੈ। ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਤੋਂ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾਂ ਦੀ ਮੰਗ ਕੀਤੀ। ਪਵਿੱਤਰ ਅਸਥਾਨ ਤੇ ਹਿੰਸਕ ਕਾਰਵਾਈ ਗੁਰਦੁਆਰਾ ਸਾਹਿਬ ਦੀ ਮਰਯਾਦਾ ਤੇ ਪਵਿੱਤਰਤਾ ਦੀ ਤੋਹੀਨ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਵੀ ਵਰਦੇ ਹੋਏ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਵਾਰ ਵਾਰ ਭੜਕਾਊ ਬਿਆਨ ਦੇ ਕੇ ਸਿੱਖਾ ਦੀ ਆਪਸ ਵਿਚ ਭਰਾ ਮਾਰੂ ਜੰਗ ਕਰਵਾਉਣਾ ਚਾਹੁੰਦੇ ਹਨ। ਜਿਸ ਕਰਕੇ ਇਨ੍ਹਾਂ ਵਲੋਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।