ਕਰਨਾਲ/ ਕੁਰੂਕਸ਼ੇਤਰ, 16 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਾਤਸ਼ਾਹੀ ਅੱਠਵੀਂ ਨਾਲ ਸਬੰਧਤ ਮਾਮਲਾ ਅੰਬਾਲਾ ਵਿਖੇ ਸਿੱਖ ਸੰਗਤ ’ਤੇ ਹੋਏ ਬੇਰਹਿਮੀ ਭਰੇ ਲਾਠੀਚਾਰਜ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਅੰਬਾਲਾ ਵਿਚ ਜੀ.ਟੀ. ਰੋਡ ’ਤੇ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ 13 ਅਗਸਤ ਦੀ ਰਾਤ ਨੂੰ ਬੇਰਹਿਮੀ ਨਾਲ ਲਾਠੀਆਂ ਵਰ੍ਹਾਉਣ, ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਉਣ ਤੋਂ ਬਾਅਦ ਸਿੱਖ ਸੰਗਤ ਵਿਚ ਡੂੰਘਾ ਰੋਸ ਪੈਦਾ ਹੋ ਗਿਆ ਹੈ।
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀੜਾ ਦੀ ਅਗਵਾਈ ਹੇਠ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹਰਿਆਣਾ ਕਮੇਟੀ ਦੇ ਮੈਂਬਰ ਸਾਹਿਬਾਨ, ਨਿਹੰਗ ਜਥੇਬੰਦੀਆਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਐਮਰਜੈਂਸੀ ਮੀਟਿੰਗ ਹੋਈ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ 25 ਅਗਸਤ ਨੂੰ ਪਿਪਲੀ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਦੇ ਰੂਪ ਵਿਚ ਸਿੱਖ ਸੰਗਤ ਨੂੰ ਇਕੱਠਾ ਕਰਨ ਦਾ ਫੈਸਲਾ ਲਿਆ ਗਿਆ।
ਮੀਟਿੰਗ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ 13 ਅਗਸਤ ਦੀ ਰਾਤ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਜਮ ਕੇ ਲਾਠੀਆਂ ਵਰ੍ਹਾਈਆਂ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਇਕ ਸਾਜ਼ਿਸ਼ ਤਹਿਤ ਨਾ ਸਿਰਫ਼ ਸਿੱਖ ਸੰਗਤ ’ਤੇ ਲਾਠੀਆਂ ਵਰ੍ਹਾਈਆਂ, ਸਗੋਂ ਪਲਾਸਟਿਕ ਦੀਆਂ ਗੋਲੀਆਂ ਵੀ ਚਲਾਈਆਂ।