18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਮਿਲੇ ਸਾਂਸਦ ਗੁਰਜੀਤ ਸਿੰਘ ਔਜਲਾ, ਕਿਹਾ- ਸੱਚ ਅਤੇ ਇਮਾਨਦਾਰੀ ਦੀ ਹਮੇਸ਼ਾ ਜਿੱਤ ਹੁੰਦੀ ਹੈ

ਨਵੀਂ ਦਿੱਲੀ, 18 ਅਗਸਤ (ਦਵਿੰਦਰ ਸਿੰਘ) - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ਵਿਖੇ ਸਵਰਗਵਾਸੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਧਰਮਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਉਨ੍ਹਾਂ...

ਅਜੀਤ ਡੈਸਕ 18-08-2026

ਨਵੀਂ ਦਿੱਲੀ, 18 ਅਗਸਤ (ਦਵਿੰਦਰ ਸਿੰਘ) - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ਵਿਖੇ ਸਵਰਗਵਾਸੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਧਰਮਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਦ ਅਤੇ ਸਿਰੋਪਾਓ ਭੇਟ ਕਰਕੇ ਸਤਿਕਾਰ ਪ੍ਰਗਟ ਕੀਤਾ ਅਤੇ ਡਾ. ਮਨਮੋਹਨ ਸਿੰਘ ਜੀ ਦੀਆਂ ਦੇਸ਼ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਯਾਦ ਕੀਤਾ।
ਸਾਂਸਦ ਔਜਲਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਰਗੀ ਮਹਾਨ ਸ਼ਖ਼ਸੀਅਤ ਦੀ ਕਾਬਲੀਅਤ, ਇਮਾਨਦਾਰੀ ਅਤੇ ਸਾਦਗੀ ਨੂੰ ਪੂਰੀ ਦੁਨੀਆ ਮੰਨਦੀ ਹੈ। ਉਨ੍ਹਾਂ ਕਿਹਾ ਕਿ ਡਾ. ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਦੇਸ਼ ਦੀ ਸੇਵਾ ਅਤੇ ਤਰੱਕੀ ਲਈ ਸਮਰਪਿਤ ਕੀਤੀ ਅਤੇ ਕਈ ਮਹੱਤਵਪੂਰਨ ਕੰਮ ਕੀਤੇ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਜੀਵਨ ਦੌਰਾਨ ਕਈ ਤਰ੍ਹਾਂ ਦੀਆਂ ਆਲੋਚਨਾਵਾਂ ਅਤੇ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ।
ਔਜਲਾ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਮਹਾਨ ਅਤੇ ਇਮਾਨਦਾਰ ਸ਼ਖ਼ਸੀਅਤ ਨੂੰ ਵੀ ਸਿਆਸੀ ਤੌਰ ’ਤੇ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ, “ਪਰਮਾਤਮਾ ਦੀ ਕਚਹਿਰੀ ਵਿਚ ਦੇਰ ਹੈ, ਅੰਧੇਰ ਨਹੀਂ।” ਅੱਜ ਸਮਾਂ ਡਾ. ਮਨਮੋਹਨ ਸਿੰਘ ਜੀ ਦੀ ਇਮਾਨਦਾਰੀ, ਨਿਸ਼ਕਾਮ ਸੇਵਾ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੀ ਗਵਾਹੀ ਦੇ ਰਿਹਾ ਹੈ।
ਸਾਂਸਦ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਸਿਰਫ਼ ਇਕ ਰਾਜਨੇਤਾ ਨਹੀਂ ਸਨ, ਸਗੋਂ ਪੂਰੀ ਕਾਇਨਾਤ ਲਈ ਪਰਮਾਤਮਾ ਵਲੋਂ ਮਿਲੀ ਇਕ ਅਨਮੋਲ ਦਾਤ ਸਨ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਸਮਰਪਿਤ ਕੀਤਾ ਅਤੇ ਭਾਰਤ ਦੀ ਤਰੱਕੀ ਵਿਚ ਅਮੁੱਲ ਯੋਗਦਾਨ ਪਾਇਆ।
ਇਸ ਮੌਕੇ ਔਜਲਾ ਨੇ ਸ਼੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਮੁਲਾਕਾਤ ਕਰਕੇ ਪਰਿਵਾਰ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਡਾ. ਮਨਮੋਹਨ ਸਿੰਘ ਜੀ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਦਾ ਜੀਵਨ, ਉਨ੍ਹਾਂ ਦੀ ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਬਣਿਆ ਰਹੇਗਾ।

ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ