ਅਜਨਾਲਾ (ਅੰਮ੍ਰਿਤਸਰ), 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਅਤੇ ਹੋਰਨਾਂ ਮੰਗਾਂ ਦੇ ਹੱਲ ਲਈ ਕੱਲ੍ਹ 27 ਅਗਸਤ ਨੂੰ ਕੀਤੇ ਜਾ ਰਹੇ 'ਮਹਾਂ ਬੰਦ' ਨੂੰ ਕਾਂਗਰਸ ਪਾਰਟੀ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਵਿੱਤੀ ਹੱਕਾਂ ਸੰਬੰਧੀ ਸਰਕਾਰ ਦੀ ਲਗਾਤਾਰ ਚੁੱਪ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ, ਪਰ ਗੁੰਗੀ ਬੋਲੀ ਸਰਕਾਰ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਮਹਿੰਗਾਈ ਵਧਣ ਕਾਰਨ ਡੀ.ਏ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਆਮਦਨ ਦਾ ਅਹਿਮ ਹਿੱਸਾ ਬਣ ਗਿਆ ਹੈ। ਬਕਾਇਆ ਰਕਮ ਨਾ ਮਿਲਣ ਕਾਰਨ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਾਬਕਾ ਵਿਧਾਇਕ ਨੇ ਅੱਗੇ ਕਿਹਾ ਕਿ ਮਾਣਯੋਗ ਅਦਾਲਤ ਦੇ ਸਪਸ਼ਟ ਹੁਕਮਾਂ ਤੋਂ ਬਾਅਦ ਵੀ ਮੁਲਾਜ਼ਮਾਂ ਦੇ ਹੱਕਾਂ ਨੂੰ ਅਣਮਿਥੇ ਸਮੇਂ ਲਈ ਰੋਕਿਆ ਨਹੀਂ ਜਾ ਸਕਦਾ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਜਥੇਬੰਦੀਆਂ ਦੀਆਂ ਜਾਇਜ਼ ਮੰਗਾਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ.ਏ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੇ ਨਾਲ-ਨਾਲ ਤਨਖ਼ਾਹਾਂ, ਪੈਨਸ਼ਨਾਂ ਅਤੇ ਹੋਰ ਵਿੱਤੀ ਲਾਭਾਂ ਨਾਲ ਜੁੜੇ ਮਸਲਿਆਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਲਈ ਹਰ ਮੰਚ 'ਤੇ ਆਵਾਜ਼ ਉਠਾਉਂਦੀ ਰਹੇਗੀ।
ਤਾਜ਼ਾ ਖ਼ਬਰਾਂ
Free
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦਾ ਕਾਂਗਰਸ ਪਾਰਟੀ ਦੇਵੇਗੀ ਪੂਰਾ ਸਾਥ - ਹਰਪ੍ਰਤਾਪ ਸਿੰਘ ਅਜਨਾਲਾ
ਅਜਨਾਲਾ (ਅੰਮ੍ਰਿਤਸਰ), 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਅਤੇ ਹੋਰਨਾਂ ਮੰਗਾਂ ਦੇ ਹੱਲ ਲਈ ਕੱਲ੍ਹ 27 ਅਗਸਤ...
ਅਜੀਤ ਡੈਸਕ
26-08-2026