ਅੰਮ੍ਰਿਤਸਰ, 8 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਨਿੱਜੀ ਬੋਰਡਿੰਗ ਸਕੂਲ ਵਿਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿਚ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਬੇਹੱਦ ਮੰਦਭਾਗਾ ਹੈ ਅਤੇ ਅਜਿਹੀਆਂ ਘਟਨਾਵਾਂ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਭਵਿੱਖ ਉੱਤੇ ਬੁਰਾ ਪ੍ਰਭਾਵ ਪਾ ਸਕਦੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਰੈਗਿੰਗ ਕਿਸੇ ਵੀ ਰੂਪ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਿੱਖਿਆ ਸੰਸਥਾਵਾਂ ਨੂੰ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਸਾਹਮਣੇ ਆਈ ਵੀਡੀਓ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਚਿੰਤਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਇੱਜ਼ਤ ਅਤੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ।
ਪ੍ਰਧਾਨ ਨੇ ਕਿਹਾ ਕਿ ਪਰਿਵਾਰ ਵਲੋਂ ਕੀਤੀ ਗਈ ਸ਼ਿਕਾਇਤ ਉਪਰੰਤ ਹਿਮਾਚਲ ਪ੍ਰਦੇਸ਼ ਪੁਲਿਸ ਵਲੋਂ ਮਾਮਲੇ ਵਿਚ ਕਾਰਵਾਈ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰੰਤੂ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਸਾਰੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਤੈਅ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਸਕੂਲ ਪ੍ਰਸ਼ਾਸਨ ਵਲੋਂ ਸਮੇਂ ਸਿਰ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਵਿਰੁੱਧ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਕਿਸੇ ਵੀ ਵਿਦਿਆਰਥੀ ਨੂੰ ਰੈਗਿੰਗ ਵਰਗੀ ਘਟੀਆ ਹਰਕਤ ਨਾਲ ਪ੍ਰੇਸ਼ਾਨ ਕਰਨਾ ਗ਼ਲਤ ਹੈ ਅਤੇ ਖ਼ਾਸ ਕਰਕੇ ਸਿੱਖ ਬੱਚਿਆਂ ਨੂੰ ਨਿਸ਼ਾਨੇ ’ਤੇ ਲੈਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਕੂਲ ਪ੍ਰਬੰਧਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਹਰ ਸਕੂਲ ਵਿਚ ਇਹ ਗੱਲ ਦ੍ਰਿੜ੍ਹਤਾ ਨਾਲ ਰੱਖਣ ਕਿ ਬੱਚਿਆਂ ਪ੍ਰਤੀ ਅਜਿਹਾ ਵਰਤਾਰਾ ਕਦੇ ਨਾ ਵਾਪਰੇ ਅਤੇ ਸਕੂਲ ਪ੍ਰਬੰਧਕ ਆਪਣੀ ਜ਼ੁੰਮੇਵਾਰੀ ਸੁਚੇਤ ਹੋ ਕੇ ਨਿਭਾਉਣ।