ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੀ ਅੱਜ ਇੱਥੇ ਹੋ ਰਹੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਰੋਧੀ ਧਿਰ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਸ਼ਾਮਿਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮਾਸਟਰ ਮਿੱਠੂ ਸਿੰਘ ਕਾਹਨਕੇ ਅਤੇ ਵਿਰੋਧੀ ਧਿਰ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੂੰ ਪੱਤਰ ਜਾਰੀ ਕਰਕੇ ਉਨ੍ਹਾਂ ਤੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਬਾਰੇ 10 ਦਿਨਾਂ ਦੇ ਅੰਦਰ ਅੰਦਰ ਸਪਸ਼ਟੀਕਰਨ ਮੰਗਿਆ ਗਿਆ ਹੈ ਤੇ ਉਦੋਂ ਤੱਕ ਉਨ੍ਹਾਂ ਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿਚ ਸ਼ਾਮਿਲ ਹੋਣ ਤੇ ਪਾਬੰਦੀ ਲਾਈ ਗਈ ਹੈ।
ਇਸੇ ਦੌਰਾਨ ਮਾਸਟਰ ਕਾਹਨੇਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਅੱਜ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਗਏ ਤਾਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਇਕ ਪੱਤਰ ਦਿਖਾਇਆ ਗਿਆ, ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ 'ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਕਰਕੇ ਇਕੱਤਰਤਾ ਵਿਚ ਸ਼ਾਮਿਲ ਹੋਣ ਤੇ ਪਾਬੰਦੀ ਲਗਾਈ ਗਈ ਹੈ। ਮਾਸਟਰ ਕਾਹਨੇ ਕੇ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਇਸ ਸੰਬੰਧੀ ਅਜੇ ਤੱਕ ਜਥੇਦਾਰ ਵਲੋਂ ਕੋਈ ਅਜਿਹਾ ਪੱਤਰ ਨਹੀਂ ਮਿਲਿਆ।