ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਚ ਅਨਾਜ ਦੀ ਲਿਫਟਿੰਗ ਦਾ ਮੁੱਦਾ ਮੁੜ ਉੱਠਣ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਚੋਂ 15 ਲੱਖ ਮੀਟਰਕ ਟਨ ਕਣਕ ਅਤੇ 6 ਲੱਖ ਮੀਟਰਕ ਟਨ ਚੌਲ ਦੀ ਤੁਰੰਤ ਲਿਫਟਿੰਗ ਕਰਵਾਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ 15 ਲੱਖ ਮੀਟਰਕ ਟਨ ਚੌਲ ਅਤੇ 10 ਤੋਂ 12 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਦੀ ਮੰਗ ਕੀਤੀ ਸੀ।
ਪੰਜਾਬ ਸਰਕਾਰ ਮੁਤਾਬਕ, ਸਤੰਬਰ ਦੌਰਾਨ ਹੁਣ ਤੱਕ ਸੂਬੇ ਵਿਚੋਂ ਸਿਰਫ਼ 8.30 ਲੱਖ ਮੀਟਰਕ ਟਨ ਚੌਲ ਅਤੇ 4.30 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਸਕੀ ਹੈ। ਲਿਫਟਿੰਗ ਦੀ ਹੌਲੀ ਰਫ਼ਤਾਰ ਕਾਰਨ ਸੂਬੇ ਵਿਚ ਅਨਾਜ ਦੇ ਭੰਡਾਰਨ ਨੂੰ ਲੈ ਕੇ ਚਿੰਤਾ ਵਧ ਰਹੀ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 1 ਤੋਂ 10 ਅਕਤੂਬਰ ਤੱਕ 6 ਲੱਖ ਮੀਟਰਕ ਟਨ ਚੌਲ ਅਤੇ ਪੂਰੇ ਅਕਤੂਬਰ ਮਹੀਨੇ ਦੌਰਾਨ 15 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।