ਚੰਡੀਗੜ੍ਹ, 5 ਅਕਤੂਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ 6 ਤੋਂ 9 ਅਕਤੂਬਰ ਦੇ ਵਿਚਕਾਰ ਕੁਝ ਥਾਵਾਂ 'ਤੇ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ-ਤੂਫਾਨ ਦੀ ਭਵਿੱਖਬਾਣੀ ਕੀਤੀ ਹੈ। ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।
ਹਵਾਵਾਂ ਦੇ ਨਾਲ ਝੱਖੜ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੇ ਹਨ। ਅੱਜ (5 ਅਕਤੂਬਰ) ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਐਤਵਾਰ ਦੇ ਮੁਕਾਬਲੇ ਰਾਜ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਲਗਭਗ 0.2 ਡਿਗਰੀ ਵਧਿਆ ਹੈ ਅਤੇ ਇਹ ਹੁਣ ਆਮ ਦੇ ਨੇੜੇ ਹੈ। 4 ਅਕਤੂਬਰ ਨੂੰ ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 37.2 ਡਿਗਰੀ ਦਰਜ ਕੀਤਾ ਗਿਆ ਸੀ।