ਜੰਡਿਆਲਾ ਗੁਰੂ (ਅੰਮ੍ਰਿਤਸਰ), 8 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਸ ਦਾ ਉਦਘਾਟਨ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ।
ਇਹ ਕੈਂਪ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੁਸਾਂਝ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੇਤੀ ਮਾਹਿਰ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕਿਸਾਨ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਮਿੱਟੀ ਦੀ ਜਾਂਚ ਅਤੇ ਖੇਤੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਵਲੋਂ ਲਗਾਏ ਜਾ ਰਹੇ ਸਿਖਲਾਈ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਨ।
ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਨਾਲ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ, ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਮਿਲਾਉਣ ਜਾਂ ਸੁਚੱਜੇ ਢੰਗ ਨਾਲ ਸੰਭਾਲ ਕੇ ਅਗਲੀ ਫ਼ਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।