ਕਰਨਾਲ (ਹਰਿਆਣਾ), 9 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੁਰੂਕਸ਼ੇਤਰ ਸਥਿਤ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਕੌਮ ਦੇ ਬਹੁਤ ਹੀ ਅਹਿਮ ਮੁੱਦੇ ਉਠਾਏ। ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਨਾਲ ਸਬੰਧਤ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਤਿੰਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖ ਕੌਮ ਨੂੰ ਸੌਂਪਣ ਦੀ ਮੰਗ ਕੀਤੀ।
ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਤੀਜੀ ਉਦਾਸੀ ਦੌਰਾਨ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸਿੱਕਮ ਪਹੁੰਚੇ ਤਾਂ ਉੱਥੋਂ ਦੀ ਸੰਗਤ ਨੇ ਉਨ੍ਹਾਂ ਦੇ ਸਾਹਮਣੇ ਪਾਣੀ ਦੀ ਸਮੱਸਿਆ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਗੁਰੂ ਸਾਹਿਬ ਨੇ ਆਪਣੇ ਹੱਥ ਵਿਚ ਫੜੀ ਡਾਂਗ (ਲਾਠੀ) ਗਲੇਸ਼ੀਅਰ ਵਿਚ ਮਾਰੀ, ਜਿਸ ਨਾਲ ਉੱਥੇ ਇੱਕ ਕੁੰਡ ਬਣ ਗਿਆ। ਇਸ ਤੋਂ ਬਾਅਦ ਉੱਥੋਂ ਦੀ ਸੰਗਤ ਜੀਵਨ ਨਿਰਬਾਹ ਲਈ ਇਸ ਕੁੰਡ ਦੇ ਪਾਣੀ ਦੀ ਵਰਤੋਂ ਕਰਨ ਲੱਗੀ।
ਪ੍ਰਧਾਨ ਨੇ ਦੱਸਿਆ ਕਿ ਸਾਲ 1982 ਤੱਕ ਉੱਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਸੀ, ਜੋ ਗੁਰਦੁਆਰਾ ਡਾਂਗਮਾਰ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਸ ਮੁੱਦੇ ਨੂੰ ਉਠਾਉਂਦਿਆਂ ਉਕਤ ਸਥਾਨ ’ਤੇ ਮੁੜ ਗੁਰਦੁਆਰਾ ਸਾਹਿਬ ਬਣਾਉਣ ਦੀ ਮੰਗ ਕੀਤੀ ਹੈ। ਇਸ ਮੰਗ ਸਬੰਧੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਕਮ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ।
ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਕ ਹੋਰ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਰਿਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਸਬੰਧੀ ਵੀ ਭਾਜਪਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਕ ਟਰੱਸਟ ਬਣਾ ਕੇ ਦੇ ਦਿੱਤਾ ਹੈ, ਜੋ ਕਿ ਸਰਾਸਰ ਅਣਉਚਿਤ ਹੈ। ਉਨ੍ਹਾਂ ਨੇ ਇਸ ਮੁੱਦੇ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਹ ਸਥਾਨ ਸਿੱਖਾਂ ਨੂੰ ਸੌਂਪਣ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਇਤਿਹਾਸਕ ਸਥਾਨ ’ਤੇ ਗੁਰਦੁਆਰਾ ਸਾਹਿਬ ਬਣਾਇਆ ਜਾ ਸਕੇ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਲੋਕਾਂ ਨੂੰ ਪਾਖੰਡ ਅਤੇ ਅੰਧਵਿਸ਼ਵਾਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਸੀ।
ਇਸ ਦੇ ਨਾਲ ਹੀ ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਲੇਹ-ਲੱਦਾਖ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਲੇਹ-ਲੱਦਾਖ ਪਹੁੰਚੇ ਤਾਂ ਉੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਲੇਹ ਤੋਂ ਲਗਭਗ 25 ਕਿਲੋਮੀਟਰ ਦੂਰ ਇਕ ਪਹਾੜੀ ’ਤੇ ਰਹਿਣ ਵਾਲੇ ਦਾਨਵ ਬਾਰੇ ਦੱਸਿਆ। ਲੋਕਾਂ ਨੇ ਗੁਰੂ ਸਾਹਿਬ ਨੂੰ ਦੱਸਿਆ ਕਿ ਇਹ ਦਾਨਵ ਲੋਕਾਂ ਨੂੰ ਮਾਰ ਕੇ ਖਾ ਜਾਂਦਾ ਹੈ। ਇਹ ਸੁਣ ਕੇ ਗੁਰੂ ਸਾਹਿਬ ਉਸ ਪਹਾੜੀ ਵੱਲ ਚੱਲ ਪਏ, ਜਿੱਥੇ ਉਹ ਦਾਨਵ ਰਹਿੰਦਾ ਸੀ।
ਗੁਰੂ ਸਾਹਿਬ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਦਾਨਵ ਨੇ ਇਕ ਵੱਡਾ ਪੱਥਰ ਗੁਰੂ ਸਾਹਿਬ ਵੱਲ ਧੱਕ ਦਿੱਤਾ। ਜਦੋਂ ਇਹ ਪੱਥਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਟਕਰਾਇਆ ਤਾਂ ਉਸ ’ਤੇ ਗੁਰੂ ਸਾਹਿਬ ਦੀ ਛਾਪ ਉੱਭਰ ਆਈ ਅਤੇ ਪੱਥਰ ਮੋਮ ਵਾਂਗ ਨਰਮ ਹੋ ਗਿਆ। ਇਹ ਦੇਖ ਕੇ ਦਾਨਵ ਗੁਰੂ ਸਾਹਿਬ ’ਤੇ ਹਮਲਾ ਕਰਨ ਲਈ ਉੱਥੇ ਪਹੁੰਚਿਆ ਅਤੇ ਉਸ ਨੇ ਆਪਣੇ ਪੈਰ ਨਾਲ ਵਾਰ ਕੀਤਾ ਤਾਂ ਉਸ ਦਾ ਪੈਰ ਮੋਮ ਵਰਗੇ ਪੱਥਰ ਵਿੱਚ ਧਸ ਗਿਆ। ਇਸ ਤੋਂ ਬਾਅਦ ਦਾਨਵ ਨੂੰ ਸਮਝ ਆ ਗਈ ਕਿ ਗੁਰੂ ਸਾਹਿਬ ਪਰਮਾਤਮਾ ਦੇ ਭਗਤ ਹਨ।
ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਅਨੁਸਾਰ, ਇਸ ਇਤਿਹਾਸਕ ਸਥਾਨ ਦੀ ਸੇਵਾ-ਸੰਭਾਲ ਲਈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈ ਕੋਰਟ ਵਿਚ ਕੇਸ ਕੀਤਾ ਤਾਂ ਜੰਮੂ-ਕਸ਼ਮੀਰ ਦੇ ਵੱਖਰੇ ਦੇਸ਼ ਹੋਣ ਸਬੰਧੀ ਗੱਲ ਦਾ ਹਵਾਲਾ ਦਿੰਦਿਆਂ ਹਾਈ ਕੋਰਟ ਨੇ ਇਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਸਮੇਂ ਸ਼੍ਰੋਮਣੀ ਕਮੇਟੀ ਪੰਜਾਬ ਅਤੇ ਹੋਰ ਰਾਜਾਂ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲ ਰਹੀ ਸੀ। ਪ੍ਰਧਾਨ ਨੇ ਕਿਹਾ ਕਿ ਇਸੇ ਕਰਕੇ ਉਹ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦਾ ਮੁੱਦਾ ਉਠਾ ਰਹੇ ਹਨ, ਤਾਂ ਜੋ ਦੇਸ਼ ਭਰ ਵਿਚ ਸੁਸ਼ੋਭਿਤ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਸਿੱਖ ਕੌਮ ਆਪਣੇ ਹੱਥਾਂ ਵਿਚ ਲੈ ਸਕੇ।