ਫਾਜ਼ਿਲਕਾ, 11 ਅਕਟੂਬਰ (ਪ੍ਰਦੀਪ ਕੁਮਾਰ)- ਫਾਜ਼ਿਲਕਾ ਵਿਚ ਪਏ ਮੀਂਹ ਅਤੇ ਝੱਖੜ ਨੇ ਅਨਾਜ ਮੰਡੀ ਵਿਚ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੀਂਹ ਕਾਰਨ ਫਾਜ਼ਿਲਕਾ ਦੀ ਅਨਾਜ ਮੰਡੀ ਪਾਣੀ ਵਿਚ ਡੁੱਬ ਗਈ, ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਡੀ ਵਿਚ ਕਈ ਫੁੱਟ ਤੱਕ ਪਾਣੀ ਜਮ੍ਹਾਂ ਹੋਣ ਕਾਰਨ ਝੋਨੇ ਦੀਆਂ ਢੇਰੀਆਂ ਪਾਣੀ ਵਿਚ ਡੁੱਬ ਗਈਆਂ ਅਤੇ ਕਈ ਥਾਵਾਂ ’ਤੇ ਫ਼ਸਲ ਦਾ ਪਤਾ ਲਗਾਉਣਾ ਵੀ ਮੁਸ਼ਕਿਲ ਹੋ ਗਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਕਈ ਟਰਾਲੀਆਂ ਵਿਚ ਪਈ ਝੋਨੇ ਦੀ ਫ਼ਸਲ ਪਾਣੀ ਵਿਚ ਰੁੜ੍ਹ ਗਈ। ਮੀਂਹ ਤੋਂ ਬਾਅਦ ਮੰਡੀ ਦੀਆਂ ਸੜਕਾਂ ’ਤੇ ਵੀ ਝੋਨੇ ਦੀ ਫ਼ਸਲ ਖਿੱਲਰੀ ਪਈ ਦਿਖਾਈ ਦਿੱਤੀ। ਇਸ ਸਥਿਤੀ ਕਾਰਨ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਵੀ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਮੰਡੀ ਵਿਚ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਸੁਰੱਖਿਅਤ ਰੱਖਣ ਦੇ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਇਸ ਮੀਂਹ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਮੁਤਾਬਕ ਮੰਡੀ ਵਿਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਇਸ ਨਾਲ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦੂਜੇ ਪਾਸੇ ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਫ਼ਸਲ ਵੇਚਣ ਲਈ ਮੰਡੀ ਵਿਚ ਲੈ ਕੇ ਆਏ ਸਨ, ਪਰ ਮੀਂਹ ਅਤੇ ਝੱਖੜ ਨੇ ਉਨ੍ਹਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ। ਕਈ ਟਰਾਲੀਆਂ ਵਿਚ ਪਿਆ ਝੋਨਾ ਪਾਣੀ ਵਿੱਚ ਰੁੜ੍ਹਨ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਮੰਡੀ ਵਿਚ ਪੈਦਾ ਹੋਏ ਇਨ੍ਹਾਂ ਹਾਲਾਤ ਨੇ ਖਰੀਦ ਸੀਜ਼ਨ ਦੌਰਾਨ ਫ਼ਸਲ ਦੀ ਸੰਭਾਲ, ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਹੋਵੇਗਾ ਕਿ ਪ੍ਰਭਾਵਿਤ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਮੰਡੀ ਵਿਚੋਂ ਪਾਣੀ ਦੀ ਨਿਕਾਸੀ ਲਈ ਸੰਬੰਧਿਤ ਪ੍ਰਸ਼ਾਸਨ ਵਲੋਂ ਕੀ ਕਦਮ ਚੁੱਕੇ ਜਾਂਦੇ ਹਨ।