ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਜਾਰੀ ਕਰਕੇ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਨ੍ਹਾਂ ਵਲੋਂ ਪਿਛਲੇ ਦਿਨੀਂ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਤਨਖ਼ਾਹੀਆ ਕਰਾਰ ਦਿੱਤਾ ਗਿਆ। ਇਸ ਮੌਕੇ ਸੰਗਤਾਂ ਨੂੰ ਉਕਤ ਵਿਧਾਇਕ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ।
ਇਸ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਤੇ ਸਿੱਖੀ ਵਿਰੋਧੀ ਪ੍ਰਚਾਰ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਨੌਤੀ ਦੇਣ ਦੇ ਦੋਸ਼ ਤਹਿਤ ਉਸ ਤੇ ਪ੍ਰਚਾਰ ਅਤੇ ਕੀਰਤਨ ਕਰਨ ਤੇ ਰੋਕ ਲਾਉਣ ਦਾ ਆਦੇਸ਼ ਜਾਰੀ ਕੀਤਾ ਗਿਆ।
ਇਸ ਦੇ ਨਾਲ ਹੀ ਜਥੇਦਾਰ ਗੜਗੱਜ ਵਲੋਂ ਪਿਛਲੇ ਦਿਨੀਂ ਨਸ਼ੇ ਦੇ ਸੌਦਾਗਰਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਸਹਿਯੋਗ ਦੇਣ ਦਾ ਵੀ ਸੰਗਤਾਂ ਨੂੰ ਆਦੇਸ਼ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਨੂੰ ਮੁੱਢੋਂ ਖ਼ਤਮ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਟੇਕ ਸਿੰਘ ਧਨੌਲਾ, ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ ਵੀ ਮੌਜੂਦ ਸਨ।