ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਅਗਾਊਂ ਤਿਆਰੀਆਂ ਕਰਦਿਆਂ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਆਪਣੀ ਇਸ ਅਹਿਮ ਸੂਚੀ ਵਿਚ ਮਹਿਲ ਕਲਾਂ (ਰਾਖਵਾਂ) ਹਲਕੇ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ 'ਤੇ ਇਕ ਵਾਰ ਫਿਰ ਵੱਡਾ ਭਰੋਸਾ ਜਤਾਇਆ ਹੈ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਸ ਹਲਕੇ ਤੋਂ ਲਗਾਤਾਰ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਹੈ।
ਜ਼ਿਕਰਯੋਗ ਹੈ ਕਿ ਰਾਜਨੀਤੀ ਵਿਚ ਕਦਮ ਰੱਖਣ ਤੋਂ ਪਹਿਲਾਂ ਕੁਲਵੰਤ ਸਿੰਘ ਪੰਡੋਰੀ ਲੰਮਾ ਸਮਾਂ ਪੱਤਰਕਾਰਤਾ ਦੇ ਖੇਤਰ ਨਾਲ ਜੁੜੇ ਰਹੇ ਹਨ। ਉਨ੍ਹਾਂ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਪਹਿਲੀ ਵਾਰ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ 2022 ਦੀਆਂ ਚੋਣਾਂ ਵਿਚ ਵੀ ਉਨ੍ਹਾਂ ਨੇ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਦੂਜੀ ਵਾਰ ਵਿਧਾਇਕ ਬਣਨ ਦਾ ਮਾਣ ਹਾਸਲ ਕੀਤਾ। ਬਤੌਰ ਵਿਧਾਇਕ ਉਨ੍ਹਾਂ ਦੇ ਤਜ਼ਰਬੇ ਅਤੇ ਕਾਰਜਸ਼ੈਲੀ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (ਪ੍ਰਿਵਿਲੇਜ ਕਮੇਟੀ) ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਈਆਂ।
ਲਗਾਤਾਰ ਦੋ ਵਾਰ ਵਿਧਾਇਕ ਰਹਿਣ ਅਤੇ ਹਲਕੇ ਵਿਚ ਸਰਗਰਮ ਰਹਿਣ ਕਾਰਨ ਪਾਰਟੀ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ 2027 ਲਈ ਮੁੜ ਉਨ੍ਹਾਂ 'ਤੇ ਦਾਅ ਖੇਡਿਆ ਹੈ। ਤੀਜੀ ਵਾਰ ਟਿਕਟ ਮਿਲਣ ਦੇ ਐਲਾਨ ਤੋਂ ਬਾਅਦ ਹਲਕਾ ਮਹਿਲ ਕਲਾਂ ਦੇ 'ਆਪ' ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।