ਧੂੰਏਂ ਦੀ ਲਪੇਟ ’ਚ ਆਏ ਖੇਤਾਂ ਨੇੜੇ ਖੜ੍ਹੇ ਸੁੱਕੇ ਦਰੱਖਤ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ
ਸਨੌਰ (ਪਟਿਆਲਾ), 3 ਨਵੰਬਰ (ਗੀਤਵਿੰਦਰ ਸਿੰਘ ਸੋਖਲ)–ਇਕ ਪਾਸੇ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਨੌਰ ਇਲਾਕੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਪਟਿਆਲਾ-ਸਨੌਰ ਰੋਡ ਅਤੇ ਧਰਮਕੋਟ ਇਲਾਕੇ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਖੇਤਰ ਵਿਚ ਧੂੰਏਂ ਦੇ ਗੁਬਾਰ ਫੈਲ ਰਹੇ ਹਨ। ਇਸ ਅੱਗ ਦੀ ਲਪੇਟ ਵਿਚ ਖੇਤਾਂ ਦੇ ਨੇੜੇ ਖੜ੍ਹੇ ਸੁੱਕੇ ਦਰੱਖਤ ਵੀ ਆ ਗਏ, ਜਿਸ ਨਾਲ ਵਾਤਾਵਰਣ ਅਤੇ ਕੁਦਰਤੀ ਸੰਪਦਾ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ।
ਪਰਾਲੀ ਸਾੜਨ ਕਾਰਨ ਫੈਲ ਰਿਹਾ ਧੂੰਆਂ ਸਿਰਫ਼ ਹਵਾ ਨੂੰ ਪ੍ਰਦੂਸ਼ਿਤ ਹੀ ਨਹੀਂ ਕਰ ਰਿਹਾ, ਸਗੋਂ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਲਈ ਵੀ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਅਜਿਹੇ ਹਾਲਾਤ ਵਿਚ ਗ੍ਰੀਨ ਦੀਵਾਲੀ ਮਨਾਉਣ ਦੇ ਸੰਦੇਸ਼ਾਂ ਅਤੇ ਜ਼ਮੀਨੀ ਪੱਧਰ ’ਤੇ ਹੋ ਰਹੀਆਂ ਘਟਨਾਵਾਂ ਵਿਚਾਲੇ ਵੱਡਾ ਵਿਰੋਧਾਭਾਸ ਨਜ਼ਰ ਆ ਰਿਹਾ ਹੈ।
ਇਸ ਮਾਮਲੇ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਇਲਾਕੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਦੇ ਬਾਵਜੂਦ ਜ਼ਿੰਮੇਵਾਰ ਅਧਿਕਾਰੀਆਂ ਦੀ ਸਰਗਰਮੀ ਨਜ਼ਰ ਨਾ ਆਉਣ ਕਾਰਨ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ।
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਤਾਂ ਜੋ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।