ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 5 ਨਵੰਬਰ (ਕਪਿਲ ਕੰਧਾਰੀ)- ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ, ਗੁਰੂ ਹਰ ਸਹਾਏ ਵਲੋਂ ਅੱਜ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਹੋਈ।
ਨਗਰ ਕੀਰਤਨ ਦੌਰਾਨ ਸੁੰਦਰ ਢੰਗ ਨਾਲ ਸਜਾਈ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸੰਗਤਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕਰਕੇ ਨਤਮਸਤਕ ਹੁੰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੌਰਾਨ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਪਿੰਡ ਗੁਰੂ ਹਰ ਸਹਾਏ ਵਿਚੋਂ ਹੁੰਦਾ ਹੋਇਆ ਸ਼ਹਿਰ ਦੇ ਮੁੱਖ ਬਾਜ਼ਾਰ, ਫ਼ਰੀਦਕੋਟ ਰੋਡ, ਸ੍ਰੀ ਮੁਕਤਸਰ ਸਾਹਿਬ ਰੋਡ ਅਤੇ ਰੇਲਵੇ ਫਾਟਕ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਲਗਾਏ ਗਏ ਸਨ। ਇਸ ਤੋਂ ਇਲਾਵਾ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਲੰਗਰ ਅਤੇ ਪ੍ਰਸ਼ਾਦ ਦੇ ਪ੍ਰਬੰਧ ਵੀ ਕੀਤੇ ਗਏ ਸਨ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ 7 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਸ ਉਪਰੰਤ 9 ਨਵੰਬਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸਵੇਰੇ 10 ਵਜੇ ਭਾਈ ਅਮਰੀਕ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ, ਜਦਕਿ ਸਵੇਰੇ 11 ਵਜੇ ਢਾਡੀ ਜਥਾ ਭਾਈ ਬਲਜਿੰਦਰ ਸਿੰਘ ਬਗੀਚਾ, ਭਾਈ ਰੂਪਾ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਵਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।