05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡੀ.ਏ. ਦੇ ਬਕਾਏ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੁਪਰੀਮ ਕੋਰਟ ਤੋਂ ਰਾਹਤ, ਮਾਣਹਾਨੀ ਦੀ ਕਾਰਵਾਈ ’ਤੇ ਰੋਕ

ਚੰਡੀਗੜ੍ਹ, 5 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ’ਚ ਮੁੱਖ ਸਕੱਤਰ...

ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ’ਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸਿਖਰਲੀ ਅਦਾਲਤ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਵਿਰੁੱਧ ਚੱਲ ਰਹੀ ਅਪਰਾਧਿਕ ਮਾਣਹਾਨੀ ਦੀ ਕਾਰਵਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸਿਵਲ ਮਾਣਹਾਨੀ ਦੇ ਮਾਮਲੇ ’ਚ ਵੀ ਸਰਕਾਰ ਅਤੇ ਅਧਿਕਾਰੀਆਂ ਵਿਰੁੱਧ ਕੋਈ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਬਕਾਇਆ ਡੀ.ਏ. ਦੀ ਅਦਾਇਗੀ ਸਬੰਧੀ ਠੋਸ ਯੋਜਨਾ ਪੇਸ਼ ਕਰਨ ਲਈ ਕਿਹਾ ਹੈ।

ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਸੂਬਾ ਸਰਕਾਰ ਨੂੰ ਮਾਰਚ 2027 ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਭੱਤੇ ਦੀ ਅਦਾਇਗੀ ਦੀ ਯੋਜਨਾ ਅਦਾਲਤ ’ਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਡੀ.ਏ. ਦੀ ਮੌਜੂਦਾ ਦਰ 53 ਫ਼ੀਸਦੀ ਹੈ। ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਉਹ ਬਕਾਇਆ ਰਾਸ਼ੀ ’ਚੋਂ ਕਿੰਨੀ ਰਕਮ ਜਾਰੀ ਕਰ ਸਕਦੀ ਹੈ। ਬੈਂਚ ਨੇ ਸਰਕਾਰ ਨੂੰ ਹਾਂ-ਪੱਖੀ ਰੁਖ਼ ਅਪਣਾਉਣ ਅਤੇ ਅਦਾਇਗੀ ਬਾਰੇ ਸਪੱਸ਼ਟ ਜਵਾਬ ਦੇਣ ਲਈ ਕਿਹਾ। ਮਾਮਲੇ ਦੀ ਅਗਲੀ ਸੁਣਵਾਈ ਦਸੰਬਰ ’ਚ ਹੋਵੇਗੀ।

3 ਅਗਸਤ 2026 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ (ਡੀ.ਏ./ਡੀ.ਆਰ.) ਦੀਆਂ ਕਿਸ਼ਤਾਂ ਉਸੇ ਦਰ ਨਾਲ ਦੇਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦਰ ਨਾਲ ਸੂਬੇ ’ਚ ਤਾਇਨਾਤ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਹਾਈਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਕੀਤੇ ਬਿਨ੍ਹਾਂ ਸਰਕਾਰ ਵੱਡੇ ਇਸ਼ਤਿਹਾਰ ਮੁਹਿੰਮਾਂ ਵਰਗੇ ਗ਼ੈਰ-ਜ਼ਰੂਰੀ ਖ਼ਰਚੇ ਨਹੀਂ ਕਰ ਸਕਦੀ।
ਪੰਜਾਬ ਸਰਕਾਰ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।

ਹੁਕਮਾਂ ’ਤੇ ਅਮਲ ਨਾ ਹੋਣ ਕਾਰਨ ਅਧਿਕਾਰੀਆਂ ਵਿਰੁੱਧ ਸਿਵਲ ਅਤੇ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਹੋਈ। 12 ਅਕਤੂਬਰ ਨੂੰ ਹਾਈਕੋਰਟ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਦਿਆਂ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਸੁਪਰੀਮ ਕੋਰਟ ’ਚ ਸੂਬਾ ਸਰਕਾਰ ਦੀ ਅਪੀਲ ਦਾਇਰ ਕਰਨ ਸਬੰਧੀ ਕਥਿਤ ਤੌਰ ’ਤੇ ਗ਼ਲਤ ਤੱਥ ਪੇਸ਼ ਕੀਤੇ ਜਾਣ ’ਤੇ ਵੀ ਇਤਰਾਜ਼ ਜਤਾਇਆ ਸੀ। ਵਿੱਤ ਸਕੱਤਰ ਵਲੋਂ ਵਿਭਾਗਾਂ ਦੇ ਮੁਖੀਆਂ ਨੂੰ ਹਾਈਕੋਰਟ ਦੇ 3 ਅਗਸਤ ਦੇ ਹੁਕਮਾਂ ’ਤੇ ਅਮਲ ਨਾ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ।

ਸੁਪਰੀਮ ਕੋਰਟ ਨੇ ਹਾਈਕੋਰਟ ਦੇ 12 ਅਤੇ 30 ਅਕਤੂਬਰ ਦੇ ਹੁਕਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਪਰਾਧਿਕ ਮਾਣਹਾਨੀ ਦੀ ਕਾਰਵਾਈ ’ਤੇ ਰੋਕ ਲਗਾਈ। ਬੈਂਚ ਨੇ ਸਰਕਾਰੀ ਮੁਲਾਜ਼ਮਾਂ ਦੀ ਜਵਾਬਦੇਹੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਅਤੇ ਗ਼ੈਰ-ਸੰਗਠਿਤ ਖੇਤਰ ’ਚ ਕੰਮ ਕਰਨ ਵਾਲਿਆਂ ਦੇ ਮੁਕਾਬਲੇ ਵਿਸ਼ੇਸ਼ ਸਹੂਲਤਾਂ ਮਿਲਦੀਆਂ ਹਨ, ਇਸ ਲਈ ਉਨ੍ਹਾਂ ਦੇ ਕੰਮਕਾਜ ’ਚ ਜਵਾਬਦੇਹੀ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਦੇਖੋ ਸ੍ਰੀਨਗਰ ਦੇ ਡੱਲ ਲੇਕ ਦਾ ਨਜ਼ਾਰਾ, ਅਗਲੀ ਖ਼ਬਰ ਮਲੇਸ਼ੀਆ ਨੇ ਦੱਖਣੀ ਕੋਰੀਆਂ ਨੂੰ 5-2 ਦੇ ਅੰਤਰ ਨਾਲ ਹਰਾਇਆ