ਵੈਨਕੂਵਰ, 5 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਮੈਕੈਂਜ਼ੀ ਸ਼ਹਿਰ ਦੇ ਦੱਖਣ ਵੱਲ ਇਕ ਬੱਸ ਦੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਕਰੀਬ 20 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ।
ਐਂਬੂਲੈਂਸ ਸੇਵਾ ਅਨੁਸਾਰ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਚਾਰ ਹੋਰ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਹਾਦਸਾਗ੍ਰਸਤ ਬੱਸ ਸੜਕ ਤੋਂ ਹੇਠਾਂ ਖਿਸਕ ਕੇ ਜੰਗਲੀ ਖੇਤਰ ਵਿਚ ਦਰੱਖਤਾਂ ਅਤੇ ਝਾੜੀਆਂ ਵਿਚਕਾਰ ਜਾ ਡਿੱਗੀ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਟਿਸ਼ ਕੋਲੰਬੀਆ ਹਾਈਵੇਅ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਦਸਾ ਕਿਹੜੇ ਕਾਰਨਾਂ ਕਰਕੇ ਵਾਪਰਿਆ, ਇਸ ਬਾਰੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਹਾਦਸੇ ਨੇ ਉੱਤਰੀ ਬ੍ਰਿਟਿਸ਼ ਕੋਲੰਬੀਆ ਦੀਆਂ ਸੜਕਾਂ ਉੱਤੇ ਸਫ਼ਰ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਸਬੰਧੀ ਚਿੰਤਾ ਪੈਦਾ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਘਟਨਾ ਨਾਲ ਸੰਬੰਧਿਤ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।