ਗੁਰੂ ਹਰਸਹਾਏ (ਫ਼ਿਰੋਜ਼ਪੁਰ), 7 ਨਵੰਬਰ (ਕਪਿਲ ਕੰਧਾਰੀ) - ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੱਢੇ ਗਏ ਇਸ ਫਲੈਗ ਮਾਰਚ ਵਿਚ ਥਾਣਾ ਮੁਖੀ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸ਼ਾਮਿਲ ਹੋਏ।ਇਸ ਮੌਕੇ ਥਾਣਾ ਮੁਖੀ ਜਤਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਸੀ ਭਾਈਚਾਰੇ, ਪਿਆਰ ਅਤੇ ਮਿਲਵਰਤਣ ਨਾਲ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਪਟਾਕਿਆਂ ਦੀ ਵਿਕਰੀ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ 'ਤੇ ਹੀ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਤਿਉਹਾਰ ਦੌਰਾਨ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮਕਸਦ ਨਾਲ ਇਹ ਫਲੈਗ ਮਾਰਚ ਕੱਢਿਆ ਗਿਆ ਹੈ, ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਅਤੇ ਭੈਅ ਦੇ ਦੀਵਾਲੀ ਦਾ ਤਿਉਹਾਰ ਖੁਸ਼ੀ ਨਾਲ ਮਨਾ ਸਕਣ।