ਨਵੀਂ ਦਿੱਲੀ, 10 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਸ਼ਾਂਤੀਪੂਰਨ ਹੱਲ ਦੀ ਲੋੜ 'ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਇਸ ਸੰਕਟ ਦਾ ਹੱਲ ਕੱਢਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ।
ਗੱਲਬਾਤ ਅਤੇ ਕੂਟਨੀਤੀ ਰਾਹੀਂ ਨਿਕਲੇ ਹੱਲ
ਮੋਦੀ ਨੇ ਦੁਹਰਾਇਆ ਕਿ ਭਾਰਤ ਦੀ ਨੀਤੀ ਮਨੁੱਖਤਾ ਨੂੰ ਕੇਂਦਰ ਵਿੱਚ ਰੱਖ ਕੇ ਕੰਮ ਕਰਨ ਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਸੰਕਟ ਦਾ ਹੱਲ ਜੰਗ ਦੀ ਬਜਾਏ ਗੱਲਬਾਤ ਅਤੇ ਕੂਟਨੀਤੀ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ।
ਭਾਰਤ ਲਗਾਤਾਰ ਇਹ ਪੱਖ ਰੱਖਦਾ ਆਇਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਥਾਪਿਤ ਕਰਨ ਲਈ ਗੱਲਬਾਤ ਦਾ ਰਸਤਾ ਅਪਣਾਇਆ ਜਾਣਾ ਚਾਹੀਦਾ ਹੈ।
ਜ਼ੇਲੈਂਸਕੀ ਨੇ ਦਿੱਤੀ ਜੰਗ ਦੇ ਤਾਜ਼ਾ ਹਾਲਾਤਾਂ ਦੀ ਜਾਣਕਾਰੀ
ਗੱਲਬਾਤ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਮੋਦੀ ਨੂੰ ਰੂਸ-ਯੂਕਰੇਨ ਜੰਗ ਨਾਲ ਜੁੜੇ ਤਾਜ਼ਾ ਘਟਨਾਕ੍ਰਮ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਦੋਵਾਂ ਆਗੂਆਂ ਨੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਕਰਨ ਦੀ ਮਹੱਤਤਾ 'ਤੇ ਵੀ ਚਰਚਾ ਕੀਤੀ।