ਜੈਤੋ (ਫ਼ਰੀਦਕੋਟ), 10 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 11 ਨਵੰਬਰ, ਦਿਨ ਬੁੱਧਵਾਰ ਨੂੰ ਜੈਤੋ ਵਿਖੇ ਪਹੁੰਚ ਰਹੇ ਹਨ। ਉਹ ਸਵੇਰੇ 11 ਵਜੇ ਕਾਲੂ ਰਾਮ ਦੀ ਬਗੀਚੀ ਵਿਖੇ ਵਪਾਰੀ ਵਰਗ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਸਿੱਧੇ ਤੌਰ ’ਤੇ ਜਾਣਕਾਰੀ ਹਾਸਲ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦਾ ਇਹ ਦੌਰਾ ਵਪਾਰੀ ਵਰਗ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਪਾਰੀਆਂ ਨੂੰ ਆਪਣੀਆਂ ਮੁਸ਼ਕਿਲਾਂ ਅਤੇ ਕਾਰੋਬਾਰ ਨਾਲ ਜੁੜੇ ਮਸਲੇ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਦਾ ਭਰੋਸਾ ਦਿੱਤਾ ਜਾਵੇਗਾ।