ਜਗਰਾਉਂ (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਫ਼ੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਦੀ ਰਾਖੀ ਲਈ ਸਮਰਪਣ ਦੀ ਗਵਾਹੀ ਭਰਦੇ ਪਿੰਡ ਨੱਥੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਸੈਨਿਕਾਂ ਦੀ ਯਾਦ ਨੂੰ ਨਤਮਸਤਕ ਹੁੰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਸ਼ਹੀਦ ਫ਼ੌਜੀ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੈਨਿਕਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਪੰਜਾਬ ਦੇ ਗੌਰਵਮਈ ਇਤਿਹਾਸ ਦਾ ਅਹਿਮ ਅਧਿਆਇ ਹਨ ਅਤੇ ਇਨ੍ਹਾਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ, ਹਿੰਮਤ ਅਤੇ ਕੁਰਬਾਨੀ ਦੀ ਪ੍ਰੇਰਨਾ ਮਿਲਦੀ ਰਹੇਗੀ।
ਜ਼ਿਕਰਯੋਗ ਹੈ ਕਿ ਪਿੰਡ ਨੱਥੋਵਾਲ ਨੂੰ ਫ਼ੌਜੀ ਸੈਨਿਕਾਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ। ਪਿੰਡ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਉਂਦਿਆਂ ਦੇਸ਼ ਦੀ ਰੱਖਿਆ ਵਿਚ ਯੋਗਦਾਨ ਪਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਰਨਜੀਤ ਸਿੰਘ ਢਿੱਲੋ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵੀ ਮੌਜੂਦ ਸਨ।