ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਬਲਟਾਣਾ ਸੁਖਨਾ ਚੋਅ 'ਤੇ ਉਸਾਰੀ ਅਧੀਨ ਪੁਲ ਦੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀ ਤੇ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਨੇ ਪੁਲ ਦੇ ਨਿਰਮਾਣ ਕਾਰਜਾਂ 'ਚ ਹੋ ਰਹੀ ਦੇਰੀ ਦਾ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਛੇਤੀ ਕੰਮ ਮੁਕਾਉਣ ਦੀ ਹਦਾਇਤ ਕੀਤੀ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੁਲ ਦੀ ਉਸਾਰੀ ਹੋਣ ਕਾਰਨ ਬਲਟਾਣਾ ਦੇ ਵਸਨੀਕਾਂ, ਦੁਕਾਨਦਾਰਾਂ ਤੇ ਇੱਥੋਂ ਰੋਜ਼ਾਨਾ ਲੰਘਣ ਵਾਲੇ ਸੈਕੜੇ ਰਾਹਗੀਰਾਂ ਨੂੰ ਟ੍ਰੈਫਿਕ ਜਾਮ ਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪ੍ਰੋਜੈਕਟ ਦੇ ਜਲਦੀ ਮੁਕੰਮਲ ਹੋਣ ਨਾਲ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ੀਰਕਪੁਰ ਸ਼ਹਿਰ ਸਮੇਤ ਸਮੁੱਚੇ ਹਲਕਾ ਡੇਰਾਬਸੀ 'ਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਰੰਧਾਵਾ ਨੇ ਕਿਹਾ ਕਿ ਉਹ ਸਾਰਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ। ਇਸ ਕਰਕੇ ਹਰੇਕ ਸਮੱਸਿਆ ਦਾ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਅਤੇ ਨੇੜਲੇ ਇਲਾਕਿਆਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਵਿਕਾਸ ਕਾਰਜ ਜਾਰੀ ਰਹਿਣਗੇ।