ਸੁਨਾਮ ਊਧਮ ਸਿੰਘ ਵਾਲਾ,13 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪਿੰਡ ਨੰਗਲਾ ਵਿਖੇ ਕੰਬਾਇਨ ਨਾਲ ਝੋਨੇ ਦੀ ਕਟਾਈ ਕਰ ਰਹੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਨੰਗਲਾ ਪਿੰਡ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਜੱਗੀ, ਬਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਹਰਦੀਪ ਸਿੰਘ (36) ਪੁੱਤਰ ਜਰਨੈਲ ਸਿੰਘ ਵਾਸੀ ਨੰਗਲਾ ਆਪਣੀ ਕੰਬਾਇਨ ਨਾਲ ਪਿੰਡ ਦੇ ਹੀ ਇਕ ਕਿਸਾਨ ਦੇ ਖੇਤ ਵਿਚ ਝੋਨੇ ਦੀ ਫ਼ਸਲ ਦੀ ਕਟਾਈ ਕਰ ਰਿਹਾ ਸੀ।
ਇਸ ਦੌਰਾਨ ਜਦੋਂ ਉਹ ਕੰਬਾਇਨ ਤੇ ਚੜ੍ਹਨ ਲੱਗਿਆ ਤਾਂ ਕੰਬਾਇਨ ਉੱਪਰ ਦੀ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਕੰਬਾਇਨ ਛੂਹਣ ਕਾਰਨ ਹਰਦੀਪ ਸਿੰਘ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲਿਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਬਿਆਨਾਂ ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਉਣ ਉਪਰੰਤ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।