ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਬਿਜਲੀ ਰਹੇਗੀ ਗੁੱਲ, ਘਰੇਲੂ, ਖੇਤੀਬਾੜੀ ਅਤੇ ਉਦਯੋਗਿਕ ਫੀਡਰ ਹੋਣਗੇ ਪ੍ਰਭਾਵਿਤ
ਗੁਰੂਹਰਸਹਾਏ, 14 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਲਈ ਅਹਿਮ ਸੂਚਨਾ ਹੈ ਕਿ 15 ਅਤੇ 16 ਨਵੰਬਰ ਨੂੰ ਲਗਾਤਾਰ ਦੋ ਦਿਨ ਬਿਜਲੀ ਸਪਲਾਈ ਬੰਦ ਰਹੇਗੀ। ਬਿਜਲੀ ਵਿਭਾਗ ਵਲੋਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਸਬ-ਡਿਵੀਜ਼ਨ ਦੇ ਐਸ.ਡੀ.ਓ. ਭਾਗ ਸਿੰਘ ਨੇ ਦੱਸਿਆ ਕਿ ਦੋਵੇਂ ਦਿਨ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਇਸ ਦੌਰਾਨ ਸ਼ਹਿਰ ਤੋਂ ਚੱਲਣ ਵਾਲੇ ਸਾਰੇ ਯੂ.ਪੀ.ਐੱਸ., ਏ.ਪੀ. (ਖੇਤੀਬਾੜੀ), ਇੰਡਸਟਰੀਅਲ ਅਤੇ ਸ਼ਹਿਰੀ ਫੀਡਰ ਪ੍ਰਭਾਵਿਤ ਰਹਿਣਗੇ।
ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਘਰੇਲੂ ਖਪਤਕਾਰਾਂ, ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਜਲੀ ਬੰਦ ਹੋਣ ਤੋਂ ਪਹਿਲਾਂ ਆਪਣੇ ਜ਼ਰੂਰੀ ਕੰਮ ਨਿਪਟਾ ਲੈਣ।
ਐਸ.ਡੀ.ਓ. ਨੇ ਕਿਹਾ ਕਿ ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਬਿਜਲੀ ਬੰਦ ਰਹਿਣ ਦੇ ਨਿਰਧਾਰਤ ਸਮੇਂ ਦੌਰਾਨ ਵਾਰ-ਵਾਰ ਫੋਨ ਨਾ ਕਰਨ ਦੀ ਅਪੀਲ ਵੀ ਕੀਤੀ।