ਇੰਗਲੈਂਡ, 15 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਇਸ ਮੌਕੇ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਦੌਰਾਨ ਲੈਸਟਰ ਦੀਆਂ ਸੜਕਾਂ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਗੂੰਜ ਉੱਠੀਆਂ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ, ਜਦਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਆਰੰਭ ਹੋਇਆ।
ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਹੋਲੀ ਬੋਨ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੈਕਾਰਿਆਂ ਰਾਹੀਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਨਗਰ ਕੀਰਤਨ ਦੇ ਪੂਰੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਭਾਰੀ ਮੀਂਹ ਦੇ ਬਾਵਜੂਦ ਸੇਵਾਦਾਰਾਂ ਨੇ ਪੂਰੀ ਸ਼ਰਧਾ ਅਤੇ ਤਨਦੇਹੀ ਨਾਲ ਸੇਵਾ ਨਿਭਾਈ।
ਇਸ ਵਿਸ਼ਾਲ ਨਗਰ ਕੀਰਤਨ ਨੇ ਵਿਦੇਸ਼ੀ ਧਰਤੀ ’ਤੇ ਸਿੱਖ ਧਰਮ ਦੀਆਂ ਰਵਾਇਤਾਂ, ਸੇਵਾ ਭਾਵਨਾ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਮੁੜ ਉਜਾਗਰ ਕੀਤਾ।