ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਪ੍ਰਮੁੱਖ ਸਿੱਖ ਵਿੱਦਿਅਕ ਸੰਸਥਾ ਚੀਫ਼ ਖਾਲਸਾ ਦੀਵਾਨ ਵਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19 ਤੋਂ 21 ਨਵੰਬਰ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਨਿਊ ਅਰਬਨ ਸਟੇਟ ਬਟਾਲਾ ਵਿਖੇ ਕਰਵਾਈ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਦਿਨਾਂ ਕਾਨਫ਼ਰੰਸ ਦੌਰਾਨ ਉੱਘੇ ਸਮਾਜ ਸੇਵੀ ਡਾ. ਐਸ. ਪੀ. ਸਿੰਘ ਉਬਰਾਏ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਕਾਨਫਰੰਸ ਦੌਰਾਨ ਕਰਵਾਏ ਜਾਣ ਵਾਲੇ ਸੈਮੀਨਾਰਾਂ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਵਿਦਵਾਨਾਂ ਵਲੋਂ ਵਿਚਾਰ ਪੇਸ਼ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਜਾ ਰਹੀ ਇਸ ਸਿੱਖ ਵਿੱਦਿਅਕ ਕਾਨਫਰੰਸ ਦੌਰਾਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਲਾਈਟ ਐਂਡ ਸਾਊਂਡ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਦਲਸਕੱਤਰ ਡਾ. ਸਰਬਜੀਤ ਸਿੰਘ ਛੀਨਾ, ਐਡੀਸ਼ਨਲ ਆਨਰੇਰੀ ਸਕੱਤਰ ਕੁਲਜੀਤ ਸਿੰਘ ਸਿੰਘ ਬ੍ਰਦਰਜ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਵਧੀਕ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋ ਤੇ ਡਾਕਟਰ ਆਤਮਜੀਤ ਸਿੰਘ ਬਸਰਾ ਸਮੇਤ ਹੋਰ ਦੀਵਾਨ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਹਾਜ਼ਰ ਸਨ।