ਮਨੀਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ 'ਚ 23ਵੇਂ ਭਾਰਤ-ਆਸੀਆਨ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਦੌਰਾਨ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਵਧਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸਤੰਬਰ 2025 ਵਿਚ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਦੀ ਭਾਰਤ ਫੇਰੀ ਦੌਰਾਨ ਤੈਅ ਕੀਤੀ ਗਈ ਵਿਆਪਕ ਰਣਨੀਤਕ ਭਾਈਵਾਲੀ ਦੇ ਰੋਡਮੈਪ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਮੌਕੇ ਆਰਥਿਕ ਸਹਿਯੋਗ, ਹੁਨਰ ਵਿਕਾਸ, ਡਿਜੀਟਲ ਤਕਨਾਲੋਜੀ, ਸਥਿਰਤਾ, ਸੰਪਰਕ ਸਹੂਲਤਾਂ, ਸਿਹਤ ਸੰਭਾਲ ਅਤੇ ਦਵਾਈਆਂ, ਰੱਖਿਆ ਤੇ ਸੁਰੱਖਿਆ ਅਤੇ ਲੋਕਾਂ ਵਿਚਾਲੇ ਆਪਸੀ ਸਬੰਧਾਂ ਸਮੇਤ ਅੱਠ ਪ੍ਰਮੁੱਖ ਖੇਤਰਾਂ ਵਿਚ ਸਹਿਯੋਗ ਨੂੰ ਅੱਗੇ ਵਧਾਉਣ ਬਾਰੇ ਚਰਚਾ ਹੋਈ। ਇਸ ਤੋਂ ਇਲਾਵਾ ਦੋਵਾਂ ਨੇਤਾਵਾਂ ਨੇ ਖੇਤਰੀ ਅਤੇ ਵਿਸ਼ਵ ਪੱਧਰ ਦੇ ਮੌਜੂਦਾ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਨੂੰ ਆਸੀਆਨ ਦੀ ਆਉਣ ਵਾਲੀ ਪ੍ਰਧਾਨਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਲਾਰੈਂਸ ਵੋਂਗ ਨੂੰ ਭਰੋਸਾ ਦਿਵਾਇਆ ਕਿ ਭਾਰਤ ਵਲੋਂ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਦੋਵਾਂ ਦੇਸ਼ਾਂ ਨੇ ਆਪਸੀ ਸਾਂਝ ਅਤੇ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਦੀ ਵਚਨਬੱਧਤਾ ਵੀ ਦੁਹਰਾਈ।