19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅੰਮ੍ਰਿਤਪਾਲ ਸਿੰਘ ਨੂੰ ਲੈਣ ਅਸਾਮ ਪਹੁੰਚੀ ਪੰਜਾਬ ਪੁਲਿਸ, ਦਾਦੀ ਦੇ ਸਸਕਾਰ ਲਈ ਮਿਲੇ ਸਿਰਫ਼ 3 ਘੰਟੇ

ਅੰਮ੍ਰਿਤਸਰ, 19 ਨਵੰਬਰ-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਪੰਜ ਪੁਲਿਸ ਮੁਲਾਜ਼ਮਾਂ ਦੀ ਇਸ ਟੀਮ ਦੀ ਅਗਵਾਈ ਡੀ.ਐੱਸ.ਪੀ ...

ਅਜੀਤ ਡੈਸਕ 19-11-2026

ਅੰਮ੍ਰਿਤਸਰ, 19 ਨਵੰਬਰ-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਕਰਵਾਉਣ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ। ਪੰਜ ਪੁਲਿਸ ਮੁਲਾਜ਼ਮਾਂ ਦੀ ਇਸ ਟੀਮ ਦੀ ਅਗਵਾਈ ਡੀ.ਐੱਸ.ਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਅੰਮ੍ਰਿਤਸਰ ਲਿਆਉਣ ਸਬੰਧੀ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪੁਲਿਸ ਟੀਮ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗੀ। ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵਲੋਂ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।

ਪਰਿਵਾਰ ਨੇ ਪੁਲਿਸ ਦੇ ਖਾਤੇ ਵਿੱਚ ਜਮ੍ਹਾਂ ਕਰਵਾਏ 10 ਲੱਖ ਰੁਪਏ

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਜੇਲ੍ਹ ਛੱਡਣ ਦੇ ਖਰਚੇ ਲਈ ਪਰਿਵਾਰ ਵਲੋਂ ਪੁਲਿਸ ਦੇ ਸਰਕਾਰੀ ਖਾਤੇ ਵਿਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਸ ਵਿਚੋਂ ਕਰੀਬ 7 ਲੱਖ 84 ਹਜ਼ਾਰ ਰੁਪਏ ਹਵਾਈ ਟਿਕਟਾਂ 'ਤੇ ਖਰਚ ਹੋਣਗੇ। ਇਨ੍ਹਾਂ ਟਿਕਟਾਂ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਦਾ ਆਉਣ-ਜਾਣ ਦਾ ਖਰਚਾ ਸ਼ਾਮਲ ਹੈ।

ਜੱਦੀ ਪਿੰਡ ਦੇ ਖੇਤਾਂ 'ਚ ਹੋਵੇਗਾ ਦਾਦੀ ਦਾ ਅੰਤਿਮ ਸਸਕਾਰ

ਅੰਮ੍ਰਿਤਪਾਲ ਸਿੰਘ ਦੀ ਦਾਦੀ ਬੀਬੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ 21 ਨਵੰਬਰ ਨੂੰ ਕੀਤਾ ਜਾਵੇਗਾ। ਪਰਿਵਾਰ ਵਲੋਂ ਉਨ੍ਹਾਂ ਨੂੰ ਆਪਣੇ ਖੇਤਾਂ 'ਚ ਹੀ ਅੰਤਿਮ ਵਿਦਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬੀਬੀ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।

ਮਾਹੌਲ ਵਿਗੜਨ 'ਤੇ ਤੁਰੰਤ ਵਾਪਸ ਲਿਜਾਣ ਦੀ ਮਿਲੀ ਇਜਾਜ਼ਤ

ਅਦਾਲਤ ਨੇ ਆਪਣੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਪੈਦਾ ਹੁੰਦਾ ਹੈ ਤਾਂ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਵਾਪਸ ਲਿਜਾ ਸਕਦੀ ਹੈ। ਲੋੜ ਪੈਣ 'ਤੇ ਉਨ੍ਹਾਂ ਨੂੰ ਅੰਤਿਮ ਸਸਕਾਰ ਵਾਲੀ ਥਾਂ ਤੋਂ ਹੀ ਨਹੀਂ, ਸਗੋਂ ਪੰਜਾਬ ਤੋਂ ਬਾਹਰ ਵੀ ਲਿਜਾਇਆ ਜਾ ਸਕਦਾ ਹੈ। ਅਦਾਲਤ ਦੇ ਲਿਖਤੀ ਹੁਕਮ ਸਾਹਮਣੇ ਆਉਣ ਤੋਂ ਬਾਅਦ ਇਹ ਜਾਣਕਾਰੀ ਮਿਲੀ ਹੈ।

ਤਿੰਨ ਦਿਨਾਂ ਦੀ ਪੈਰੋਲ ਦੇਣ ਤੋਂ ਪੁਲਿਸ ਨੇ ਕੀਤਾ ਸੀ ਇਨਕਾਰ

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵਲੋਂ ਤਿੰਨ ਦਿਨਾਂ ਦੀ ਕਸਟਡੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਪੰਜਾਬ ਪੁਲਿਸ ਨੇ ਅਦਾਲਤ ਵਿਚ ਸੁਰੱਖਿਆ ਪ੍ਰਬੰਧਾਂ ਸਬੰਧੀ ਆਪਣੀ ਅਸਮਰੱਥਾ ਜ਼ਾਹਰ ਕੀਤੀ ਸੀ। ਪੁਲਿਸ ਦਾ ਕਹਿਣਾ ਸੀ ਕਿ ਇੰਨੇ ਲੰਬੇ ਸਮੇਂ ਲਈ ਸੁਰੱਖਿਆ ਪ੍ਰਬੰਧ ਕਰਨਾ ਸੰਭਵ ਨਹੀਂ ਹੈ ਅਤੇ ਉਹ ਵੱਧ ਤੋਂ ਵੱਧ ਤਿੰਨ ਘੰਟਿਆਂ ਤੱਕ ਹੀ ਸੁਰੱਖਿਆ ਮੁਹੱਈਆ ਕਰਵਾ ਸਕਦੀ ਹੈ। ਇਸ ਤੋਂ ਬਾਅਦ ਅਦਾਲਤ ਨੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੀ ਹੀ ਕਸਟਡੀ ਪੈਰੋਲ ਮਨਜ਼ੂਰ ਕੀਤੀ। 

ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਵੇਰਕਾ ਵਿਖੇ ਭਰਵਾਂ ਸਵਾ... ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਗੰਭੀਰ ਦੋਸ਼ਾਂ ਤਹਿਤ ਪ੍ਰਿੰਸੀਪਲ ਜਸਪ੍ਰੀਤ ਸਿੰਘ ਮੁਅੱਤਲ