ਇੰਫਾਲ, 21 ਨਵੰਬਰ (ਪੀ.ਟੀ.ਆਈ.)- ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 600 ਤੋਂ ਵੱਧ ਲੋਕਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਇਹ ਘਟਨਾਵਾਂ 18 ਨਵੰਬਰ ਤੋਂ ਬਾਅਦ ਸਾਹਮਣੇ ਆਈਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਵਿਚੋਂ ਜ਼ਿਆਦਾਤਰ ਚੰਦੇਲ ਜ਼ਿਲ੍ਹੇ ਦੇ ਪਹਾੜੀ ਇਲਾਕੇ ਚਕਪੀਕਾਰੋਂਗ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਹਨ। ਸ਼ੁੱਕਰਵਾਰ ਰਾਤ 9 ਵਜੇ ਤੱਕ 13 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਸੀ, ਜਦਕਿ ਮਿਥੇਨੌਲ ਜ਼ਹਿਰ ਦੇ ਸ਼ੱਕ ਕਾਰਨ 600 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਸੀ। ਬਾਅਦ ਵਿਚ ਮੌਤਾਂ ਦੀ ਗਿਣਤੀ ਵਧ ਕੇ 16 ਹੋ ਗਈ।
ਇਸ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਯੁਮਨਮ ਖੇਮਚੰਦ ਸਿੰਘ ਨੇ ਸ਼ੁੱਕਰਵਾਰ ਦੁਪਹਿਰ ਨੂੰ ਸ਼ਿਜਾ ਹਸਪਤਾਲ ਅਤੇ ਬਬੀਨਾ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ।