ਸੁਲਤਾਨਪੁਰ ਲੋਧੀ, 22 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮਾਂ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। 24 ਨਵੰਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਨੂੰ 60 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਕਰੀਬ 8 ਲੱਖ ਸੰਗਤਾਂ ਦੇ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
ਸੰਗਤਾਂ ਦੀ ਵੱਡੀ ਆਮਦ ਕਾਰਨ ਸੁਲਤਾਨਪੁਰ ਲੋਧੀ ਵਿਚ ਪ੍ਰਸ਼ਾਸਨਿਕ ਪ੍ਰਬੰਧ ਨਾਕਾਫ਼ੀ ਦਿਖਾਈ ਦਿੱਤੇ। ਸਵੇਰ ਤੋਂ ਹੀ ਪਵਿੱਤਰ ਵੇਈਂ ਦੇ ਕਿਨਾਰੇ ਵਾਹਨਾਂ ਦੀ ਪਾਰਕਿੰਗ ਅਤੇ ਲਗਾਤਾਰ ਕਾਰਾਂ, ਗੱਡੀਆਂ ਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਕਾਰਨ ਕਈ ਥਾਵਾਂ ’ਤੇ ਜਾਮ ਲੱਗ ਗਏ। ਇਸ ਕਾਰਨ ਪੈਦਲ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੀਆਂ ਸੰਗਤਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਅਲੌਕਿਕ ਸਜਾਵਟ ਵੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸ਼ਰਧਾਲੂਆਂ ਨੇ ਇਸ ਮਨਮੋਹਕ ਸਜਾਵਟ ਦੇ ਦਰਸ਼ਨ ਕੀਤੇ ਅਤੇ ਯਾਦਗਾਰੀ ਤਸਵੀਰਾਂ ਤੇ ਸੈਲਫੀਆਂ ਵੀ ਖਿੱਚੀਆਂ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਦੌਰਾਨ ਹਜ਼ੂਰੀ ਕਥਾਵਾਚਕ ਗਿਆਨੀ ਕਰਨਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਸੰਗਤਾਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਇਤਿਹਾਸਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੀ ਸੁਲਤਾਨਪੁਰ ਲੋਧੀ ਨਗਰੀ ਗੁਰਬਾਣੀ ਅਤੇ ਧਾਰਮਿਕ ਰੌਣਕਾਂ ਨਾਲ ਗੂੰਜ ਰਹੀ ਹੈ।