ਦੇਰ ਸ਼ਾਮ ਤੱਕ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਮੱਥਾ ਟੇਕਣ ਲਈ ਪਹੁੰਚਦੀਆਂ ਰਹੀਆਂ। ਇਸ ਦੌਰਾਨ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨੂੰ ਸੰਗਤਾਂ ਨੇ ਸ਼ਰਧਾ ਨਾਲ ਸਰਵਣ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਅਤੇ ਸਰੋਵਰ ਦੇ ਆਲੇ-ਦੁਆਲੇ ਸੰਗਤਾਂ ਵਲੋਂ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਰੌਸ਼ਨੀ ਕੀਤੀ ਗਈ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਨੂੰ ਬਿਜਲਈ ਲੜੀਆਂ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚਾ ਇਲਾਕਾ ਰੌਸ਼ਨੀਆਂ ਨਾਲ ਜਗਮਗਾ ਉੱਠਿਆ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਤੋਂ ਪਹਿਲਾਂ ਦਿਨ ਭਰ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।