ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 26 ਨਵੰਬਰ (ਕਪਿਲ ਕੰਧਾਰੀ)- ਸ਼ਹਿਰ ਗੁਰੂ ਹਰ ਸਹਾਏ ਵਿਚ ਟਰੈਫਿਕ ਵਿਵਸਥਾ ਦਾ ਬੁਰਾ ਹਾਲ ਹੋਣ ਕਾਰਨ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ 'ਤੇ ਅਕਸਰ ਟਰੈਫਿਕ ਜਾਮ ਲੱਗਿਆ ਰਹਿੰਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਲੈ ਕੇ ਲੰਘਣ ਵਿਚ ਕਾਫ਼ੀ ਸਮਾਂ ਲੱਗ ਜਾਂਦਾ ਹੈ। ਸਥਿਤੀ ਇਹ ਬਣੀ ਹੋਈ ਹੈ ਕਿ ਬਾਜ਼ਾਰ ਵਿਚ ਦਿਨ ਦੇ ਵੱਡੇ ਹਿੱਸੇ ਦੌਰਾਨ ਟਰੈਫਿਕ ਜਾਮ ਰਹਿਣ ਕਾਰਨ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਜਾਂਦਾ ਹੈ।
ਸ਼ਹਿਰ ਦੇ ਮੇਨ ਬਾਜ਼ਾਰ ਵਿਚ ਕਈ ਥਾਵਾਂ 'ਤੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਸੜਕ ਦੀ ਚੌੜਾਈ ਹੋਰ ਘੱਟ ਹੋ ਜਾਂਦੀ ਹੈ। ਇਸ ਤੋਂ ਇਲਾਵਾ ਸੜਕਾਂ 'ਤੇ ਵਾਹਨਾਂ ਦੀ ਵਧਦੀ ਗਿਣਤੀ, ਬੇਤਰਤੀਬੇ ਢੰਗ ਨਾਲ ਖੜ੍ਹੇ ਕੀਤੇ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਕਾਰਨ ਟਰੈਫਿਕ ਦੀ ਸਮੱਸਿਆ ਹੋਰ ਗੰਭੀਰ ਬਣ ਜਾਂਦੀ ਹੈ। ਕਈ ਵਾਰ ਐਂਬੂਲੈਂਸ ਜਾਂ ਹੋਰ ਐਮਰਜੈਂਸੀ ਵਾਹਨਾਂ ਨੂੰ ਵੀ ਬਾਜ਼ਾਰ ਵਿਚੋਂ ਲੰਘਣ ਲਈ ਰਸਤਾ ਮਿਲਣਾ ਮੁਸ਼ਕਲ ਹੋ ਜਾਂਦਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਵਲੋਂ ਆਪਸੀ ਤਾਲਮੇਲ ਨਾਲ ਵਿਸ਼ੇਸ਼ ਯੋਜਨਾ ਬਣਾਉਣ ਦੀ ਲੋੜ ਹੈ।
ਨਗਰ ਕੌਂਸਲ ਦੇ ਸਬੰਧਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਟਰੈਫਿਕ ਪੁਲਿਸ ਨੂੰ ਨਾਲ ਲੈ ਕੇ ਬਾਜ਼ਾਰ ਵਿਚ ਦੁਕਾਨਾਂ ਦੇ ਬਾਹਰ ਗੈਰ-ਜ਼ਰੂਰੀ ਤੌਰ 'ਤੇ ਰੱਖੇ ਸਮਾਨ ਨੂੰ ਹਟਵਾਉਣ ਅਤੇ ਦੁਕਾਨਦਾਰਾਂ ਨੂੰ ਸੜਕਾਂ ਤੇ ਫੁੱਟਪਾਥਾਂ 'ਤੇ ਕਬਜ਼ਾ ਨਾ ਕਰਨ ਸਬੰਧੀ ਸਖ਼ਤ ਹਦਾਇਤਾਂ ਦੇਣ। ਪਰ ਲੋਕਾਂ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਬਾਜ਼ਾਰ ਵਿਚ ਦਿਨ ਦੇ 24 ਘੰਟਿਆਂ ਵਿਚੋਂ ਜ਼ਿਆਦਾਤਰ ਸਮਾਂ ਟਰੈਫਿਕ ਦੀ ਸਮੱਸਿਆ ਬਣੀ ਰਹਿੰਦੀ ਹੈ।
ਅਜਿਹੇ ਵਿਚ ਜੇਕਰ ਪ੍ਰਸ਼ਾਸਨ ਵਲੋਂ ਸਮੇਂ ਸਿਰ ਟਰੈਫਿਕ ਨੂੰ ਕੰਟਰੋਲ ਕਰਨ, ਨਾਜਾਇਜ਼ ਕਬਜ਼ੇ ਹਟਾਉਣ ਅਤੇ ਵਾਹਨਾਂ ਦੀ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਕਰਨ ਵਾਸਤੇ ਕਦਮ ਚੁੱਕੇ ਜਾਣ ਤਾਂ ਇਸ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲ ਸਕਦੀ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੇਨ ਬਾਜ਼ਾਰ ਅਤੇ ਮੁਕਤਸਰ ਰੋਡ 'ਤੇ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ, ਦੁਕਾਨਾਂ ਦੇ ਬਾਹਰ ਰੱਖੇ ਸਮਾਨ ਨੂੰ ਹਟਵਾਇਆ ਜਾਵੇ, ਵਾਹਨਾਂ ਦੀ ਪਾਰਕਿੰਗ ਲਈ ਨਿਯਮ ਤੈਅ ਕੀਤੇ ਜਾਣ ਅਤੇ ਟਰੈਫਿਕ ਪੁਲਿਸ ਦੀ ਨਿਯਮਤ ਡਿਊਟੀ ਲਗਾਈ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਲੱਗਣ ਵਾਲੇ ਟਰੈਫਿਕ ਜਾਮ ਤੋਂ ਨਿਜਾਤ ਮਿਲ ਸਕੇ ਅਤੇ ਬਾਜ਼ਾਰ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ।