ਕਪੂਰਥਲਾ, 27 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿਚ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਹਵਾਲਾਤੀ ਮੰਗਲ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹਵਾਲਾਤੀ ਮੰਗਲ ਸਿੰਘ ਪੁੱਤਰ ਰੇਸ਼ਮ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਚ ਉਸ ਦੀ ਆਪਣੇ ਕੁਝ ਸਾਥੀ ਹਵਾਲਾਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ।
ਜ਼ਖ਼ਮੀ ਹਵਾਲਾਤੀ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਜਸ਼ਨ ਵਲੋਂ ਕੀਤਾ ਜਾ ਰਿਹਾ ਹੈ। ਘਟਨਾ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।