ਮਾਛੀਵਾੜਾ ਸਾਹਿਬ (ਲੁਧਿਆਣਾ), 1 ਸਤੰਬਰ (ਰਾਜਦੀਪ ਸਿੰਘ ਅਲਬੇਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦਿਆਂ ਹਲਕਾ ਸਮਰਾਲਾ ਨਾਲ ਸਬੰਧਿਤ ਮਾਛੀਵਾੜਾ ਸਾਹਿਬ ਦੇ ਨੌਜਵਾਨ ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਕੌਮੀ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਯੂਥ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਹੈ। ਨੌਜਵਾਨ ਆਗੂ ਹਰਜੋਤ ਸਿੰਘ ਮਾਂਗਟ ਜੋ ਕਿ ਪਹਿਲਾਂ ਬਲਾਕ ਸੰਮਤੀ ਮੈਂਬਰ ਰਹੇ ਅਤੇ ਹੁਣ ਭਾਰੀ ਬਹੁਮਤ ਨਾਲ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਗਏ।
ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਇਹ 2 ਹੋਰ ਵੱਡੇ ਅਹੁਦੇ ਦੇ ਕੇ ਨਿਵਾਜ਼ਿਆ ਗਿਆ ਹੈ। ਹਲਕਾ ਸਮਰਾਲਾ ਤੋਂ ਅਕਾਲੀ ਦਲ (ਬ) ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਅਰਵਿੰਦਰਪਾਲ ਸਿੰਘ ਵਿੱਕੀ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਸਾਬਕਾ ਚੇਅਰਮੈਨ ਹਰਜੀਤ ਸਿੰਘ ਸ਼ੇਰੀਆਂ, ਸਾਬਕਾ ਸਰਪੰਚ ਹਰਵਿੰਦਰ ਸ਼ੇਰੀਆਂ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਹਰਿੰਦਰ ਸਿੰਘ ਪੱਪੀ, ਕਰਮਜੀਤ ਸਿੰਘ ਗਰੇਵਾਲ, ਉਪਜਿੰਦਰ ਸਿੰਘ ਔਜਲਾ ਵਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਮਾਂਗਟ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਕ ਨਿਮਾਣੇ ਵਰਕਰ ਨੂੰ ਵੱਡਾ ਮਾਣ ਬਖ਼ਸ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।