ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਫ਼ਲ ਬਣਾਉਣ ਵਾਸਤੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਪਿੰਡ ਪੱਧਰ ’ਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਇਸ ਤੋਂ ਇਲਾਵਾ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਵਿਰੁੱਧ ਜਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।