ਅੰਮ੍ਰਿਤਸਰ, 8 ਸਤੰਬਰ 2026 ( ਸੁਰਿੰਦਰਪਾਲ ਸਿੰਘ ਵਰਪਾਲ) -ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐੱਨ.ਐੱਸ.ਐੱਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰ ਰਹੇ ਹਨ।
ਇਸ ਦੇ ਨਾਲ ਹੀ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ।
ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।
ਇਸੇ ਤਰ੍ਹਾਂ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਹੋਿਆ ਹੈ।