ਚੰਡੀਗੜ੍ਹ, 11 ਸਤੰਬਰ - ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਚਾਰ ਰਾਜਵਿਆਪੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢੀਆਂ ਜਾਣਗੀਆਂ। ਇਨ੍ਹਾਂ ਯਾਤਰਾਵਾਂ ਰਾਹੀਂ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਇੱਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੋਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਅਤੇ ਯਾਤਰਾਵਾਂ ਦੇ ਇੰਚਾਰਜ ਰਾਜੇਸ਼ ਬਾਘਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਕੀਤਾ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਵਾਲੀ ਯਾਤਰਾ ਨਹੀਂ ਹੈ, ਸਗੋਂ ਨਸ਼ਿਆਂ ਕਾਰਨ ਪੰਜਾਬੀਅਤ, ਸਾਡੀ ਸੰਸਕ੍ਰਿਤੀ, ਕਦਰਾਂ-ਕੀਮਤਾਂ, ਹਿੰਮਤ ਅਤੇ ਗੁਰੂਆਂ ਦੀ ਧਰਤੀ ਦੀ ਮਾਣਮੱਤੀ ਪਛਾਣ ਸਾਹਮਣੇ ਪੈਦਾ ਹੋਏ ਗੰਭੀਰ ਖ਼ਤਰੇ ਦਾ ਟਾਕਰਾ ਕਰਨ ਦਾ ਯਤਨ ਹੈ। ਨਸ਼ਿਆਂ ਦਾ ਸੰਕਟ ਪਰਿਵਾਰਾਂ ਨੂੰ ਤੋੜ ਰਿਹਾ ਹੈ, ਖ਼ਾਸ ਤੌਰ ’ਤੇ ਮਾਵਾਂ ਅਤੇ ਭੈਣਾਂ ਨੂੰ ਭਾਰੀ ਪੀੜਾ ਦੇ ਰਿਹਾ ਹੈ। ਪੰਜਾਬ ਦੇ ਨੌਜਵਾਨ, ਜੋ ਰਵਾਇਤੀ ਤੌਰ ’ਤੇ ਹਥਿਆਰਬੰਦ ਸੈਨਾਵਾਂ, ਖੇਡਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਹਨ, ਨਸ਼ਿਆਂ ਦੀ ਲਤ ਵੱਲ ਧੱਕੇ ਜਾ ਰਹੇ ਹਨ। ਇਸ ਨਾਲ ਅਪਰਾਧ, ਹਿੰਸਾ ਅਤੇ ਗੈਂਗ ਨਾਲ ਸਬੰਧਤ ਗਤੀਵਿਧੀਆਂ ਨੂੰ ਬੜਾਵਾ ਮਿਲ ਰਿਹਾ ਹੈ, ਕਾਨੂੰਨ-ਵਿਵਸਥਾ ਦੀ ਸਥਿਤੀ ਹੋਰ ਵਿਗੜ ਰਹੀ ਹੈ ਅਤੇ ਇਲਾਜ ਲਈ ਕਰਜ਼ਾ ਲੈਣ ਜਾਂ ਆਪਣੀ ਜ਼ਮੀਨ ਅਤੇ ਜਾਇਦਾਦ ਵੇਚਣ ਲਈ ਮਜਬੂਰ ਪਰਿਵਾਰਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ।