16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ(ਬ) ਵਲੋਂ ਧਰਨੇ

ਟਾਂਡਾ ਉੜਮੁੜ (ਹੁਸ਼ਿਆਰਪੁਰ)/ਸੰਗਤ ਮੰਡੀ (ਬਠਿੰਡਾ)/ਬਾਬਾ ਬਕਾਲਾ ਸਾਹਿਬ/ਅਟਾਰੀ (ਅੰਮ੍ਰਿਤਸਰ), 16 ਸਤੰਬਰ (ਭਗਵਾਨ ਸਿੰਘ ਸੈਣੀ/ਸੁਖਤੇਜ ਧਾਲੀਵਾਲ/ਅਮ੍ਰਿਤਪਾਲ ਸ਼ਰਮਾ/(ਸ਼ੇਲਿੰਦਰਜੀਤ ਸਿੰਘ ਰਾਜਨ/ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਬਿਜਲੀ ਦੇ ਲੱਗ...

ਅਜੀਤ ਡੈਸਕ 16-09-2026

ਟਾਂਡਾ ਉੜਮੁੜ (ਹੁਸ਼ਿਆਰਪੁਰ)/ਸੰਗਤ ਮੰਡੀ (ਬਠਿੰਡਾ)/ਬਾਬਾ ਬਕਾਲਾ ਸਾਹਿਬ/ਅਟਾਰੀ (ਅੰਮ੍ਰਿਤਸਰ), 16 ਸਤੰਬਰ (ਭਗਵਾਨ ਸਿੰਘ ਸੈਣੀ/ਸੁਖਤੇਜ ਧਾਲੀਵਾਲ/ਅਮ੍ਰਿਤਪਾਲ ਸ਼ਰਮਾ/(ਸ਼ੇਲਿੰਦਰਜੀਤ ਸਿੰਘ ਰਾਜਨ/ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਐਸ.ਡੀ.ਐੱਮ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਕਰ ਰਹੇ ਹਨ।
ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਬਿਜਲੀ ਸਪਲਾਈ ਵਿਚ ਵਾਰ-ਵਾਰ ਆ ਰਹੇ ਵਿਘਨ ਅਤੇ ਕਈ-ਕਈ ਘੰਟਿਆਂ ਦੇ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੱਕ ਬਿਜਲੀ ਨਾ ਆਉਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਲੰਮੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਦੇ ਕੰਮਕਾਜ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਤੋਂ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। 
ਇਸੇ ਤਰਾਂ ਸੰਗਤ ਮੰਡੀ ਦੇ ਬਿਜਲੀ ਘਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਓਐਸਡੀ ਗੁਰਚਰਨ ਸਿੰਘ ,ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਅਤੇ ਜਥੇਦਾਰ ਰੇਸ਼ਮ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਘਰ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ  ਹਲਕਾ ਇੰਚਾਰਜ਼ ਗੁਰਚਰਨ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਦੇਣੀ ਤਾਂ ਦੂਰ ਦੀ ਗੱਲ ਹੈ, ਅੱਜ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਲਕਾ ਇੰਚਾਰਜ਼ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਾਸ ਕਰਕੇ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਨਾ ਹੋਣ।ਇਸ ਮੌਕੇ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਦੇ ਹੱਕ ਵਿਚ ਸੰਘਰਸ਼ ਨੂੰ ਹੋਰ ਵੱਡਾ ਕੀਤਾ ਜਾਵੇਗਾ। 
ਇਸ ਤੋਂ ਇਲਾਵਾ ਐਸ.ਡੀ.ਐਮ. ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਦਫ਼ਤਰ ਅੱਗੇ ਵੀ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਪੰਜਾਬ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਅੱਜ ਧਰਨਾ ਦਿੱਤਾ ਗਿਆ। ਧਰਨੇ ਵਿਚ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੋਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ।  ਧਰਨਾਕਾਰੀਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਇਸ ਸਮੇਂ ਪਾਣੀ ਦੀ ਬੇਹੱਦ ਲੋੜ ਹੈ, ਪਰ ਬਿਜਲੀ ਦੇ ਲੰਬੇ ਅਤੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਤਰਾਂ ਭਾਰਤ-ਪਾਕਿਸਤਾਨ ਕੌਮਾਂਤਰੀ ਅਟਾਰੀ-ਵਾਹਗਾ ਹਾਈਵੇ 'ਤੇ ਸਥਿਤ ਬਿਜਲੀ ਘਰ ਅਟਾਰੀ ਵਿਖੇ ਵੀ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ ਜਿਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸਾਬਕਾ ਵਜ਼ੀਰ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਗੱਲਬਾਤ ਕਰਦੇ ਦੱਸਿਆ ਕਿ ਅੱਜ ਦੇ ਯੁਗ ਵਿਚ ਬਿਜਲੀ ਨਾਲ ਸਾਰੇ ਕੰਮ ਹੁੰਦੇ ਹਨ ਪਰ ਬਿਜਲੀ ਬਹੁਤ ਘੱਟ ਆ ਰਹੀ ਹੈ ਜਿਸ ਕਾਰਨ ਲੋਕ ਦੁਖੀ ਹਨ। ਪੰਜਾਬ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਬਿਜਲੀ ਘਰ ਅਟਾਰੀ ਵਿਖੇ ਰੋਸ ਧਰਨਾ ਦਿੱਤਾ ਗਿਆ ਹੈ ਤਾਂ ਕਿ ਬਿਜਲੀ ਦਾ ਵੱਡਾ ਲੋਕ ਮਸਲਾ ਹੱਲ ਹੋ ਸਕੇ। 

ਪਿਛਲੀ ਖ਼ਬਰ ਛੇ ਦਹਾਕਿਆਂ ਪੁਰਾਣਾ ਮਸਲਾ ਸੀ ਕਿਸ਼ਾਊ ਡੈਮ ਪ੍ਰੋਜੈਕਟ , ਕਾਂਗਰਸ ਦੀਆਂ ਕਈ ਸਰਕਾਰਾਂ ਨਹੀਂ ਕਰ ਸਕੀਆਂ ਹੱਲ - ਅਨੁਰਾਗ ਠਾ... ਅਗਲੀ ਖ਼ਬਰ ਘਰ ਵਿਚ ਵੱਡੇ ਪੱਧਰ ’ਤੇ ਚੱਲ ਰਿਹਾ ਸੀ ਸੱਟੇ ਦਾ ਕਾਰੋਬਾਰ, ਦਰਜਨ ਦੇ ਕਰੀਬ ਕਾਬੂ