22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਹਿਲਾ ਸਰਪੰਚ ਦਾ ਪਤੀ ਹੋਇਆ ਲਾਪਤਾ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ...

ਅਜੀਤ ਡੈਸਕ 22-09-2026

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਨੇ ਅੱਜ ਦੇਰ ਸ਼ਾਮ ਅਜਨਾਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮਹਿਮਦ ਮੰਦਰਾਂਵਾਲਾ (ਰਮਦਾਸ) ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸਿੰਘ ਸੰਧੂ ਸਾਬਕਾ ਫੌਜੀ ਦੇ ਦੋ ਦਿਨ ਤੋਂ ਲਾਪਤਾ ਹੋਣ ਦੇ ਬਾਵਜੂਦ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਕ ਕੁਲਜੀਤ ਸਿੰਘ ਸੰਧੂ ਕੱਲ੍ਹ 21 ਸਤੰਬਰ ਨੂੰ ਸਵੇਰੇ ਕਰੀਬ 10:15 ਵਜੇ ਘਰ ਤੋਂ ਬੱਚੇ ਦਾ ਜਨਮ ਸਰਟੀਫਿਕੇਟ ਲੈਣ ਲਈ ਫਤਿਹਗੜ੍ਹ ਚੂੜੀਆਂ ਸਥਿਤ ਸੁਵਿਧਾ ਸੈਂਟਰ ਜਾਣ ਲਈ ਨਿਕਲੇ ਸਨ, ਪਰ ਇਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਪਰਤੇ। ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਦੱਸਿਆ ਕਿ ਪਰਿਵਾਰ ਵਲੋਂ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਸੰਪਰਕ ਕੀਤਾ ਗਿਆ ਅਤੇ ਮਦਦ ਦੀ ਗੁਹਾਰ ਲਗਾਈ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨੂੰ ਮਾਮਲੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪੁਲਿਸ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ।

ਸੁੱਖ ਔਜਲਾ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਕਰੀਬ 12 ਵਜੇ ਤੱਕ ਕੁਲਜੀਤ ਸਿੰਘ ਨਾਲ ਆਖਰੀ ਵਾਰ ਸੰਪਰਕ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਉਹ ਘਰ ਵੀ ਵਾਪਸ ਨਹੀਂ ਆਏ। ਪਰਿਵਾਰ ਵਲੋਂ ਉਨ੍ਹਾਂ ਦੀ ਕਾਫੀ ਭਾਲ ਕੀਤੀ ਗਈ, ਪਰ ਕੋਈ ਜਾਣਕਾਰੀ ਨਹੀਂ ਮਿਲ ਸਕੀ। ਸੁੱਖ ਔਜਲਾ ਨੇ ਮਾਮਲਾ ਚੁੱਕਦਿਆਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਵਿਚ ਇਕ ਮੌਜੂਦਾ ਸਰਪੰਚ ਦੇ ਪਤੀ ਨੂੰ ਹੀ ਪੁਲਿਸ ਲੱਭਣ ਦੀ ਕੋਸ਼ਿਸ਼ ਨਹੀਂ ਕਰ ਰਹੀ ਤਾਂ ਆਮ ਜਨਤਾ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 14 ਘੰਟਿਆਂ ਤੱਕ ਉਨ੍ਹਾਂ ਦਾ ਫੋਨ ਚਾਲੂ ਰਿਹਾ। ਉਨ੍ਹਾਂ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕੇ ਸਾਈਬਰ ਸੈੱਲ ਅਤੇ ਹੋਰ ਕਈ ਤਰ੍ਹਾਂ ਦੀ ਤਕਨੀਕ ਉਪਲਬਧ ਹੋਣ ਦੇ ਬਾਵਜੂਦ ਪੁਲਿਸ ਵਲੋਂ ਲਾਪਰਵਾਹੀ ਵਰਤੀ ਗਈ ਅਤੇ ਅਜੇ ਤੱਕ ਵੀ ਉਨ੍ਹਾਂ ਨੂੰ ਲੱਭਿਆ ਨਹੀਂ ਜਾ ਸਕਿਆ।

ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਜਾਣਬੁੱਝ ਕੇ ਕੰਮ ਨਹੀਂ ਕਰਨਾ ਚਾਹੁੰਦੀ ਅਤੇ ਪਰਿਵਾਰ ਨੂੰ ਲਗਾਤਾਰ ਹਨੇਰੇ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲਾਪਤਾ ਕੁਲਜੀਤ ਸਿੰਘ ਦੀ ਭਾਲ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਪਰਿਵਾਰ ਨੂੰ ਜਲਦ ਤੋਂ ਜਲਦ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਪਰਿਵਾਰਕ ਮੈਂਬਰ ਸਤਬੀਰ ਕੌਰ, ਨਿਰਪਾਲ ਸਿੰਘ, ਗੁਰਚਰਨ ਸਿੰਘ, ਸੁਭੇਗ ਸਿੰਘ, ਜਸਵੰਤ ਸਿੰਘ ਨੰਬਰਦਾਰ, ਦੇਸ ਰਾਜ ਅਤੇ ਹਰਜਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਕੁਲਜੀਤ ਸਿੰਘ ਸੰਧੂ ਦੇ ਅਚਾਨਕ ਲਾਪਤਾ ਹੋਣ ਕਾਰਨ ਪਰਿਵਾਰ ਚਿੰਤਾ ਵਿੱਚ ਹੈ।

ਪਰਿਵਾਰ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਕੁਲਜੀਤ ਸਿੰਘ ਸੰਧੂ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ ਜਾਵੇ। ਸੁੱਖ ਔਜਲਾ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਕੱਲ੍ਹ ਤੱਕ ਪੁਲਿਸ ਨੇ ਉਨ੍ਹਾਂ ਨੂੰ ਨਾ ਲੱਭਿਆ ਤਾਂ ਕੱਲ੍ਹ ਨੂੰ ਥਾਣਾ ਰਮਦਾਸ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਹਰਜਿੰਦਰ ਸਿੰਘ ਬਾਜਵਾ ਅਤੇ ਐਡਵੋਕੇਟ ਸੰਦੀਪ ਸਿੰਘ ਕੌਸ਼ਲ ਸਮੇਤ ਹੋਰ ਹਾਜ਼ਰ ਸਨ। 

ਕੁਲਜੀਤ ਸਿੰਘ ਦੇ ਲਾਪਤਾ ਹੋਣ ਸਬੰਧੀ ਮੁਕਦਮਾ ਦਰਜ ਕਰਨ ਉਪਰੰਤ ਭਾਲ ਜਾਰੀ-ਡੀ.ਐਸ.ਪੀ ਇੰਦਰਜੀਤ ਸਿੰਘ 

ਉਧਰ ਜਦੋਂ ਇਸ ਮਾਮਲੇ ਸੰਬੰਧੀ ਡੀ.ਐਸ.ਪੀ ਇੰਦਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਲਾਪਤਾ ਹੋਏ ਵਿਅਕਤੀ ਕੁਲਜੀਤ ਸਿੰਘ ਦੇ ਪੁੱਤਰ ਦੇ ਬਿਆਨਾਂ 'ਤੇ ਥਾਣਾ ਰਮਦਾਸ ਵਿਖੇ ਮੁਕਦਮਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ I ਉਨ੍ਹਾਂ ਦੱਸਿਆ ਕਿ ਵੱਖ-ਵੱਖ ਤਕਨੀਕੀ ਪਹਿਲੂਆਂ ਤੋਂ ਵੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਲੱਭ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਕਪਤਾਨ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਛੱਪੜ ਦੀ ਨਿਸ਼ਾਨਦੇਹੀ 'ਤੇ ਬੱਚੀਵਿੰਡ 'ਚ ਭਖਿਆ ਵਿਵਾਦ