ਰਾੜਾ ਸਾਹਿਬ (ਲੁਧਿਆਣਾ), 23 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)- ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਦੇ ਘਰ ਹੋਈ ਈ.ਡੀ. ਦੀ ਰੇਡ ਦਾ ਸਖ਼ਤ ਵਿਰੋਧ ਕੀਤਾ ਹੈ। ਗਿਆਸਪੁਰਾ ਨੇ ਇਸ ਕਾਰਵਾਈ ਨੂੰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਾਰ ਦਿੰਦਿਆਂ ਭਾਜਪਾ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਭਾਜਪਾ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਆਵਾਜ਼ਾਂ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹੀਆਂ ਕਾਰਵਾਈਆਂ ਰਾਹੀਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਗਿਆਸਪੁਰਾ ਨੇ ਦੋਸ਼ ਲਾਇਆ ਕਿ ਭਾਜਪਾ ਦੀ ਨਜ਼ਰ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਹੈ ਅਤੇ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸਿਆਸੀ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਨਾ ਤਾਂ ਡਰਨ ਵਾਲੇ ਹਨ ਅਤੇ ਨਾ ਹੀ ਕਿਸੇ ਧੱਕੇਸ਼ਾਹੀ ਅੱਗੇ ਝੁਕਣ ਵਾਲੇ ਹਨ। ਜੇਕਰ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸਦਾ ਸਿਆਸੀ ਅਤੇ ਲੋਕਤੰਤਰਿਕ ਢੰਗ ਨਾਲ ਜਵਾਬ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੂਰੀ ਲੀਡਰਸ਼ਿਪ ਅਤੇ ਵਰਕਰ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਖੜ੍ਹੇ ਹਨ। ਗਿਆਸਪੁਰਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਵਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਲੋਕ ਲੋਕਤੰਤਰਿਕ ਤਰੀਕੇ ਨਾਲ ਇਸਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਦੂਜੇ ਸੂਬਿਆਂ ਵਾਂਗ ਪੰਜਾਬ ਵਿਚ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।