09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ’ਤੇ ਪਾਬੰਦੀ ਦੇ ਦਾਅਵਿਆਂ ਵਿਚਕਾਰ ਫਾਜ਼ਿਲਕਾ ’ਚ ਸੜਕਾਂ ’ਤੇ ਸ਼ਰੇਆਮ ਹੋ ਰਹੀ ਘਰੇਲੂ ਸਿਲੰਡਰਾਂ ਦੀ ਵਰਤੋਂ

ਫਾਜ਼ਿਲਕਾ, 10 ਅਕਤੂਬਰ (ਬਲਜੀਤ ਸਿੰਘ)- ਇਕ ਪਾਸੇ ਜਿੱਥੇ ਸਰਕਾਰ ਅਤੇ ਸਬੰਧਤ ਵਿਭਾਗਾਂ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ...

ਅਜੀਤ ਡੈਸਕ 09-10-2026

ਫਾਜ਼ਿਲਕਾ, 10 ਅਕਤੂਬਰ (ਬਲਜੀਤ ਸਿੰਘ)- ਇਕ ਪਾਸੇ ਜਿੱਥੇ ਸਰਕਾਰ ਅਤੇ ਸਬੰਧਤ ਵਿਭਾਗਾਂ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ’ਤੇ ਰੋਕ ਲਗਾਉਣ ਲਈ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਬਾਜ਼ਾਰਾਂ ਵਿਚ ਚੈਕਿੰਗ ਵੀ ਕੀਤੀ ਜਾਂਦੀ ਹੈ, ਉੱਥੇ ਹੀ ਦੂਜੇ ਪਾਸੇ ਫਾਜ਼ਿਲਕਾ ਸ਼ਹਿਰ ਦੀਆਂ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦੇ ਕੰਮ ਦੌਰਾਨ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਦਿਖਾਈ ਦੇ ਰਹੀ ਹੈ। ਇਸ ਸਥਿਤੀ ਨੇ ਸਬੰਧਤ ਵਿਭਾਗਾਂ ਦੀ ਕਾਰਜਪ੍ਰਣਾਲੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ, ਇਨ੍ਹੀਂ ਦਿਨੀਂ ਫਾਜ਼ਿਲਕਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ਲਈ ਵਰਤੀਆਂ ਜਾ ਰਹੀਆਂ ਮਸ਼ੀਨਾਂ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਦਿਖਾਈ ਦੇ ਰਹੀ ਹੈ। ਇਹ ਸਥਿਤੀ ਸ਼ਹਿਰ ਦੀਆਂ ਸੜਕਾਂ ਦੇ ਨਾਲ-ਨਾਲ ਜੀਟੀ ਰੋਡ ’ਤੇ ਵੀ ਦੇਖਣ ਨੂੰ ਮਿਲ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਖ਼ਬਰ ਲਿਖੇ ਜਾਣ ਤੱਕ ਇਹ ਮਸ਼ੀਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਿਲਕੁਲ ਬਾਹਰ ਵੀ ਕੰਮ ਕਰ ਰਹੀਆਂ ਸਨ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਜਦੋਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਵਲੋਂ ਚੈਕਿੰਗ ਕੀਤੀ ਜਾਂਦੀ ਹੈ ਤਾਂ ਕੀ ਸਰਕਾਰੀ ਕੰਮਾਂ ਵਿਚ ਇਨ੍ਹਾਂ ਦੀ ਵਰਤੋਂ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ?

ਘਰੇਲੂ ਗੈਸ ਸਿਲੰਡਰਾਂ ਦੀ ਇਸ ਤਰ੍ਹਾਂ ਵਰਤੋਂ ਨਾ ਸਿਰਫ਼ ਨਿਯਮਾਂ ਦੀ ਪਾਲਣਾ ਸਬੰਧੀ ਸਵਾਲ ਖੜ੍ਹੇ ਕਰਦੀ ਹੈ, ਸਗੋਂ ਲੋਕਾਂ ਦੀ ਸੁਰੱਖਿਆ ਦੇ ਪੱਖ ਤੋਂ ਵੀ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਸੜਕਾਂ ’ਤੇ ਆਵਾਜਾਈ ਦੇ ਵਿਚਕਾਰ ਕੰਮ ਕਰ ਰਹੀਆਂ ਮਸ਼ੀਨਾਂ ਵਿਚ ਗੈਸ ਸਿਲੰਡਰਾਂ ਦੀ ਵਰਤੋਂ ਦੌਰਾਨ ਜੇਕਰ ਲੋੜੀਂਦੇ ਸੁਰੱਖਿਆ ਪ੍ਰਬੰਧ ਨਾ ਹੋਣ ਤਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਖ਼ਾਸ ਕਰਕੇ ਗਰਮੀ ਦੇ ਮੌਸਮ ਵਿਚ ਅਜਿਹੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਇਸ ਮਾਮਲੇ ਵਿਚ ਸਬੰਧਤ ਵਿਭਾਗ ਅਤੇ ਫਾਜ਼ਿਲਕਾ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ, ਤਾਂ ਜੋ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦੇ ਕੰਮ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਵਾਉਣੀ ਵੀ ਜ਼ਰੂਰੀ ਹੈ, ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਸੰਭਾਵੀ ਹਾਦਸੇ ਨੂੰ ਰੋਕਿਆ ਜਾ ਸਕੇ।

ਇਸ ਸਬੰਧੀ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਫ਼ਾਜ਼ਿਲਕਾ ਦੇ ਏ. ਐਫ. ਐਸ. ਓ. ਸੰਦੀਪ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ’ਤੇ ਚਿੱਟੀ ਪੱਟੀ ਪਾਉਣ ਦੇ ਕੰਮ ਲਈ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਇਹ ਬਿਲਕੁਲ ਗਲਤ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪਹਿਲਾਂ ਉਨ੍ਹਾਂ ਦੇ ਧਿਆਨ ਵਿਚ ਨਹੀਂ ਆਇਆ ਸੀ, ਪਰ ਹੁਣ ਜਾਣਕਾਰੀ ਮਿਲਣ ਤੋਂ ਬਾਅਦ ਉਹ ਇਸ ਸਬੰਧੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਚੈਕਿੰਗ ਕਰਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਸਰਕਾਰ ਬਣਨ 'ਤੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ 'ਮਾਈ ਭਾਗੋ ਮਾਵਾਂ-ਧੀਆਂ ਜਥੇਬੰਦੀ' ਦਾ ਗਠਨ ਕੀਤਾ ਜਾਵੇਗਾ- ਬੀਬਾ ਹਰ... ਅਗਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਗੁਰੂ ਹਰਸਹਾਏ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲ...