14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੁਲਦੀਪ ਸਿੰਘ ਧਾਲੀਵਾਲ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਪ੍ਰਤੀਕਿਰਿਆ

ਅਜਨਾਲਾ (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਸਾ ਵਿਖੇ ਸਮਾਜ ਸੇਵਕ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ...

ਅਜੀਤ ਡੈਸਕ 14-10-2026

ਅਜਨਾਲਾ (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਸਾ ਵਿਖੇ ਸਮਾਜ ਸੇਵਕ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਪ੍ਰਤੀਕਿਰਿਆ ਦਿੰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵਕ ਦਾ ਕਤਲ ਬਹੁਤ ਦੁਖਦਾਈ ਹੈ ਅਤੇ ਉਹ ਇਸ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਲਗਭਗ 532 ਕਿਲੋਮੀਟਰ ਲੰਬੀ ਸਰਹੱਦ ਰਾਹੀਂ ਡਰੋਨਾਂ ਦੇ ਜ਼ਰੀਏ ਨਸ਼ੇ ਅਤੇ ਹਥਿਆਰ ਭੇਜੇ ਜਾਣ ਦੀਆਂ ਚੁਣੌਤੀਆਂ ਬਣੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਵਲੋਂ ਲੋੜੀਂਦਾ ਸਹਿਯੋਗ ਨਹੀਂ ਮਿਲਿਆ। ਉਨ੍ਹਾਂ ਗੁਜਰਾਤ ਅਤੇ ਰਾਜਸਥਾਨ ਰਾਹੀਂ ਨਸ਼ਿਆਂ ਦੀ ਸਪਲਾਈ ਹੋਣ ਦੇ ਮਾਮਲੇ ਵੀ ਉਠਾਏ। ਵਿਧਾਇਕ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਹਜ਼ਾਰਾਂ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਕਈ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਅਜਿਹੇ ਵਿਅਕਤੀ ਨੂੰ ਬਖ਼ਸ਼ੇਗੀ ਨਹੀਂ, ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਵੇ, ਭਾਵੇਂ ਉਹ ਕਿਸੇ ਵੀ ਕਿੱਤੇ ਨਾਲ ਸੰਬੰਧਿਤ ਹੋਵੇ। ਪਰਵਿੰਦਰ ਸਿੰਘ ਝੋਟਾ ਦੇ ਕਤਲ ਸੰਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਡੀ.ਜੀ.ਪੀ. ਪੰਜਾਬ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਖ਼ਤ ਕਦਮ ਚੁੱਕਦਿਆਂ ਜਿੱਥੇ ਇਸ ਘਟਨਾ ਦੇ ਮੁੱਖ ਮੁਲਜਮ ਅਸ਼ਵਨੀ ਕੁਮਾਰ ਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਉੱਥੇ ਹੀ ਉਸ ਦੇ ਘਰ ਅਤੇ ਦੁਕਾਨ 'ਤੇ ਬਲਡੋਜ਼ਰ ਕਾਰਵਾਈ ਵੀ ਕੀਤੀ ਗਈ ਹੈ। ਉਨ੍ਹਾਂ ਮੁੜ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਨਾਲ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਹੈ।

ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀ.ਐਸ.ਪੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੇਵਾ ਦੇ ਪੁੰਜ ਸੰਤ ਬਾਬਾ ਕਸ਼ਮੀਰਾ ਸਿੰਘ ਕੱਥੂ ਨੰਗਲ ਵਾਲੇ ਪੰਜਾਂ ਤੱਤਾਂ 'ਚ ਹੋਏ ਵਲੀਨ