ਨਵੀਂ ਦਿੱਲੀ, 20 ਅਕਤੂਬਰ (ਪੀ.ਟੀ.ਆਈ.)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਮੁੰਬਈ ਵਿਚ ਹੋਈ ਗੋਲੀਬਾਰੀ ਦੇ ਮਾਮਲੇ ’ਚ ਦੋ ਔਰਤਾਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਇੱਕ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਨਾਲ (21) ਅਤੇ ਸੁਮਿਤ (19) ਵਜੋਂ ਹੋਈ ਹੈ, ਜੋ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਦੋ ਔਰਤਾਂ ਰਾਧਾ (23) ਅਤੇ ਬਬੀਤਾ (23) ਉੱਤਰ ਪ੍ਰਦੇਸ਼ ਦੀਆਂ ਵਸਨੀਕ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਪਹਿਲਾਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 35(1)(ਬੀ) ਤਹਿਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮਗਰੋਂ ਮਹਾਰਾਸ਼ਟਰ ਪੁਲਿਸ ਦੇ ਅਪਰਾਧ ਜਾਂਚ ਵਿਭਾਗ ਨੇ ਮੁੰਬਈ ’ਚ ਮੁਲਜ਼ਮਾਂ ਤੋਂ ਹਿਰਾਸਤ ਵਿਚ ਪੁੱਛ-ਪੜਤਾਲ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ। ਅਦਾਲਤ ਨੇ ਪੁਲਿਸ ਦੀ ਅਰਜ਼ੀ ਮਨਜ਼ੂਰ ਕਰਦਿਆਂ ਮੁੰਬਈ ਪੁਲਿਸ ਨੂੰ ਮੁਲਜ਼ਮਾਂ ਦਾ ਤਿੰਨ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ।