ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜੇ ਕਈ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਰਨੀ ਮੈਂਬਰ ਅਰਵਿੰਦ ਪਠੇਲਾ ਦੀ ਪ੍ਰੇਰਨਾ ਸਦਕਾ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਦੀ ਅਗਵਾਈ ਵਿਚ ਇਨ੍ਹਾਂ ਆਗੂਆਂ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ।
ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿਲੋਂ ਵਲੋਂ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਗਿਆ। ਇਹਨਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕੇ ਇਨ੍ਹਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਇਹ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਕੌਂਸਲਰ ਤੇ ਸਰਕਲ ਪ੍ਰਧਾਨ ਮਨਿੰਦਰ ਸਿੰਘ ਮਹਿੰਦੀ, ਯੂਥ ਅਕਾਲੀ ਦਲ ਦੇ ਜੋਨ ਮੀਡੀਆ ਇੰਚਾਰਜ ਤੇ ਐੱਸ.ਓ.ਆਈ. ਦੇ ਕੌਮੀ ਮੀਡੀਆ ਤੇ ਸੋਸ਼ਲ ਮੀਡੀਆ ਇੰਚਾਰਜ ਰਹੇ ਨਵਨੀਤ ਸਿੰਘ ਨਵੀ ਉਰਫ਼ ਨਵੀ ਬਰਾੜ, ਯੂਥ ਅਕਾਲੀ ਆਗੂ ਹਰਮੀਤ ਸਿੰਘ ਬੁੱਟਰ, ਯੂਥ ਆਗੂ ਅਤੇ ਫਿਟਨੈੱਸ ਕੋਚ ਹਰਮਿੰਦਰਪਾਲ ਪਹਿਲਵਾਨ, ਯੂਥ ਅਕਾਲੀ ਆਗੂ ਲਖਵੀਰ ਸਿੰਘ ਖਿੜਕੀਆਂਵਾਲਾ ਸ਼ਾਮਲ ਹਨ। ਇਸ ਮੌਕੇ ਸ਼ਾਮਿਲ ਹੋਏ ਭਾਜਪਾ ਆਗੂਆਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ।