ਬਟਾਲਾ, 23 ਅਕਤੂਬਰ (ਸਤਿੰਦਰ ਸਿੰਘ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਹੋਣ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪਣੇ ਹਲਕਿਆਂ ਵਿਚ ਪਾਰਟੀ ਦੀ ਸਥਿਤੀ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਮੌਜੂਦਾ ਸਿਆਸੀ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ, ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਅਤੇ ਵਰਕਰਾਂ ਵਲੋਂ ਕੀਤੀ ਜਾ ਰਹੀ ਮਿਹਨਤ ਸਬੰਧੀ ਵਿਸਥਾਰ ਨਾਲ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਵਰਕਰਾਂ ਦੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਸਕਣ ਵਾਲੇ ਯਤਨਾਂ ਬਾਰੇ ਗੱਲਬਾਤ ਹੋਣ ਦੀ ਜਾਣਕਾਰੀ ਦਿੱਤੀ ਗਈ।
ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਪਾਰਟੀ ਵਰਕਰਾਂ ਦੀ ਕਾਰਗੁਜ਼ਾਰੀ ਅਤੇ ਜਥੇਬੰਦਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ, ਲੋਕਾਂ ਨਾਲ ਸੰਪਰਕ ਅਤੇ ਸੰਗਠਨ ਨੂੰ ਲੈ ਕੇ ਹੋਣ ਵਾਲੇ ਯਤਨ ਵੀ ਸਿਆਸੀ ਚਰਚਾ ਦਾ ਅਹਿਮ ਹਿੱਸਾ ਹਨ। ਇਸ ਮੌਕੇ ਉੱਘੇ ਕਾਰੋਬਾਰੀ ਅਤੇ ਐਨ.ਆਰ.ਆਈ. ਜਤਿੰਦਰ ਸਿੰਘ ਧਾਲੀਵਾਲ ਅਤੇ ਹਰਵਿੰਦਰ ਸਿੰਘ ਹੈਰੀ ਬਟਾਲਾ ਵੀ ਹਾਜ਼ਰ ਸਨ।